ਸਮਾਣਾ, 25 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਟਾਵਰ ਮੋਰਚੇ ਦੀਆਂ ਸਿੱਖ ਜਥੇਬੰਦੀਆਂ ਅਤੇ ਕਿਸਾਨ ਸੰਗਠਨਾਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਚ ਮੰਗਲਵਾਰ ਤੋਂ ਵਿੱਢਿਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ | ਧਰਨਾਕਾਰੀਆਂ ਨੇ ਚੌਂਕ 'ਚ ਟੈਂਟ ਅਤੇ ਸਟੇਜ ਲਗਾ ਕੇ 'ਪੱਕਾ ਧਰਮ ਯੁੱਧ ਮੋਰਚਾ' ਸ਼ੁਰੂ ਕਰ ਦਿੱਤਾ ਹੈ | ਭਾਰੀ ਵਾਹਨ ਚਾਲਕ ਪੁਲਿਸ ਵਲੋਂ ਕੀਤੇ ਬਦਲਵੇਂ ਪ੍ਰਬੰਧਾਂ ਰਾਹੀਂ ਦੂਰ ਦੁਰਾਡੇ ਰਸਤਿਆਂ ਰਾਹੀਂ ਜਾਣ ਲਈ ਮਜਬੂਰ ਹਨ | ਦੂਜੇ ਦਿਨ ਵੀ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਧਰਨਾ ਸਥਲ 'ਤੇ ਪਹੁੰਚਣ ਤੋਂ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਚੌਕ ਦੇ ਨਜ਼ਦੀਕ ਮਿੱਟੀ ਨਾਲ ਭਰੇ ਟਿੱਪਰ ਖੜ੍ਹੇ ਕਰ ਰੱਖੇ ਹਨ | ਪ੍ਰਸ਼ਾਸਨ ਦੀਆਂ ਰੋਕਾਂ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਹਰਿਆਣਾ ਤੋਂ ਵੱਡੀ ਗਿਣਤੀ ਵਿਚ ਲੋਕ ਇਸ ਮੋਰਚੇ ਵਿਚ ਸ਼ਾਮਲ ਹੋ ਰਹੇ ਹਨ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਰਤ ਵਿਚ ਵੱਖ-ਵੱਖ ਧਰਮਾਂ ਜਾਤਾਂ ਦੇ ਲੋਕ ਆਪਸ ਵਿਚ ਮਿਲ ਕੇ ਰਹਿ ਰਹੇ ਹਨ ਤੇ ਇਕ-ਦੂਜੇ ਦੇ ਧਰਮਾਂ ਦਾ ਸਤਿਕਾਰ ਕਰਦੇ ਹਨ ਪਰ ਕੁੱਝ ਸ਼ਰਾਰਤੀ ਅਨਸਰ ਸਾਨੂੰ ਆਪਸ ਵਿਚ ਲੜਾਉਣ ਲਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਕੇ ਸਾਨੂੰ ਧਰਮ ਦੇ ਨਾਮ 'ਤੇ ਲੜਾਉਣਾ ਚਾਹੁੰਦੇ ਹਨ | ਉਨ੍ਹਾਂ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਹੋ ਕੇ ਭਾਈ ਗੁਰਜੀਤ ਸਿੰਘ ਖ਼ਾਲਸਾ ਸਰਕਾਰਾਂ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਸਰਕਾਰਾਂ ਉਨ੍ਹਾਂ ਵਲੋਂ ਕੀਤੇ ਜਾ ਰਹੇ ਇਸ ਲੰਮੇ ਸੰਘਰਸ਼ ਤੋਂ ਬਾਅਦ ਵੀ ਜਾਗ ਨਹੀਂ ਰਹੀਆਂ | ਮੋਰਚੇ ਦੀ ਅਗਵਾਈ ਕਰ ਰਹੇ ਤਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਈ ਗੁਰਜੀਤ ਸਿੰਘ ਖ਼ਾਲਸਾ ਪਿਛਲੇ ਕਰੀਬ 516 ਦਿਨਾਂ ਤੋਂ 400 ਫੁੱਟ ਉੱਚੇ ਟਾਵਰ 'ਤੇ ਬੈਠੇ ਹਨ | ਉਨ੍ਹਾਂ ਦੀ ਮੰਗ ਹੈ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਸ਼ਾਮ 4 ਵਜੇ ਤੱਕ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਨੇ ਸਾਡੇ ਨਾਲ ਰਾਬਤਾ ਕਾਇਮ ਨਹੀਂ ਕੀਤਾ |