ਪਟਿਆਲਾ, 25 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਬੀਤੇ ਦਿਨੀਂ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਵਿਖੇ 16 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ 'ਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਦੀ ਹਮਾਇਤ 'ਚ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਸੰਗਤ ਅਤੇ ਕਿਸਾਨ ਆਗੂਆਂ ਉੱਪਰ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਆਪਣੀ ਜਾਇਜ਼ ਮੰਗ ਲਈ ਇਕੱਠੀ ਹੋਈ ਸਾਧ ਸੰਗਤ 'ਤੇ ਤਸ਼ੱਦਦ ਕਰਨਾ ਲੋਕਤੰਤਰਿਕ ਅਸੂਲਾਂ ਅਤੇ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਹੈ | ਸ. ਰੱਖੜਾ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੰਗਤ 'ਤੇ ਜਬਰ ਕਰਨ ਦੀ ਬਜਾਏ ਸੰਵਾਦ ਦਾ ਰਾਹ ਅਪਣਾਇਆ ਜਾਵੇ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਮਸਲੇ ਦਾ ਤੁਰੰਤ ਅਤੇ ਸੰਵੇਦਨਸ਼ੀਲ ਢੰਗ ਨਾਲ ਹੱਲ ਕੱਢਿਆ ਜਾਵੇ | ਰੱਖੜਾ ਨੇ ਕਿਹਾ ਕਿ ਅਵਾਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰ ਦੀ ਸੰਵਿਧਾਨਿਕ ਤੇ ਨੈਤਿਕ ਜ਼ਿੰਮੇਵਾਰੀ ਹੁੰਦੀ ਹੈ | ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸੁਰਜੀਤ ਸਿੰਘ ਰੱਖੜਾ ਸਮਾਣਾ ਵਿਖੇ ਸਮੂਹ ਧਾਰਮਿਕ ਗ੍ਰੰਥਾਂ ਦੀ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 16 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ 'ਤੇ ਮੋਰਚਾ 'ਤੇ ਬੈਠੇ ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਮਿਲਣ ਲਈ ਧਰਨੇ 'ਚ ਸ਼ਮੂਲੀਅਤ ਕੀਤੀ ਸੀ | ਇਸ ਸੰਬੰਧੀ ਉਨ੍ਹਾਂ ਧਾਰਮਿਕ ਯੁੱਧ ਮੋਰਚੇ ਦਾ ਸਮਰਥਨ ਕਰਦੇ ਹੋਏ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਵਿਰੁੱਧ ਜਲਦ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਸ਼ਾਂਤਮਈ ਅੰਦੋਲਨ ਕਰ ਰਹੀ ਸਾਧ ਸੰਗਤ ਨਾਲ ਕਿਸੇ ਵੀ ਕਿਸਮ ਦੀ ਜ਼ਬਰਦਸਤੀ ਕਰਨ ਤੋਂ ਪਰਹੇਜ਼ ਕੀਤਾ ਜਾਵੇ |