ਪਟਿਆਲਾ, 5 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਖ਼ਾਸ ਗੱਲਬਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਪਟਿਆਲਾ ਸ਼ਹਿਰ ਵਿਕਾਸ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ | ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਟਿਆਲਾ ਨੂੰ ਵਿਕਾਸ ਦੇ ਪੱਖ 'ਤੇ ਮੋਹਰੀ ਬਣਾਉਣ ਲਈ ਕਈ ਮਹੱਤਵਪੂਰਨ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੜਕਾਂ ਦੀ ਮੁਰੰਮਤ, ਨਵੇਂ ਸੀਵਰੇਜ ਪ੍ਰੋਜੈਕਟ, ਸੈਨੇਟਰੀ ਪ੍ਰਬੰਧਾਂ ਵਿਚ ਸੁਧਾਰ ਅਤੇ ਵਾਟਰ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਹੋ ਰਹੇ ਹਨ | ਡਿਪਟੀ ਮੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਦੇ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਸ਼ੁਰੂ ਕੀਤਾ ਹੈ | ਸ਼ਹਿਰ ਵਿਚ ਨਵੀਆਂ ਸੜਕਾਂ ਬਣਾਉਣ, ਪੁਰਾਣੀਆਂ ਸੜਕਾਂ ਦੀ ਮੁਰੰਮਤ ਕਰਨ, ਸੀਵਰੇਜ ਲਾਈਨਾਂ ਨੂੰ ਅਪਗਰੇਡ ਕਰਨ ਅਤੇ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਪਟਿਆਲਾ ਨੂੰ ਵਿਕਾਸ ਦੇ ਮਾਮਲੇ ਵਿਚ ਮੋਹਰੀ ਬਣਾਉਣ ਲਈ ਆਮ ਆਦਮੀ ਪਾਰਟੀ ਵਲੋਂ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ |