ਘਨੌਰ, 6 ਮਾਰਚ (ਸਰਦਾਰਾ ਸਿੰਘ ਲਾਛੜੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਘਨੌਰ ਦੀ ਇਕ ਅਹਿਮ ਮੀਟਿੰਗ ਪਿੰਡ ਸ਼ਾਹਪੁਰ ਅਫ਼ਗਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਬਲਾਕ ਪ੍ਰਧਾਨ ਹਰਜਿੰਦਰ ਸਿੰਘ ਛਿੰਦਾ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿਚ ਜੱਥੇਬੰਦੀ ਦੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਜਗਦੀਪ ਸਿੰਘ ਅਲੂਣਾ ਤੇ ਜ਼ਿਲ੍ਹਾ ਕਮੇਟੀ ਮੈਂਬਰ ਦਲਜੀਤ ਸਿੰਘ ਕਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਅਗਾਮੀ ਸੰਘਰਸ਼ਾਂ ਦੀ ਰੂਪ-ਰੇਖਾ ਉਲੀਕੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਅਲੂਣਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਵਿੱਢੀ ਗਈ ਕਿਸਾਨ ਜਾਗਿ੍ਤੀ ਯਾਤਰਾ ਦਾ ਪੰਜਾਬ ਦੀ ਧਰਤੀ 'ਤੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ 19 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿਚ ਬਲਾਕ ਘਨੌਰ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਸ਼ਾਮਲ ਹੋਵੇਗਾ | ਮੀਟਿੰਗ ਦੌਰਾਨ ਕਿਸਾਨਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਬਲਾਕ ਆਗੂਆਂ ਨੇ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਬਣਦਾ ਮੁਆਵਜ਼ਾ ਪੀੜਤ ਲੋਕਾਂ ਨੂੰ ਤੁਰੰਤ ਦਿੱਤਾ ਜਾਵੇ | ਸਮਾਣਾ ਵਿਖੇ ਚੱਲ ਰਹੇ ਟਾਵਰ ਮੋਰਚੇ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਵਧਾਈ ਜਾਵੇਗੀ | ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਅੜੀਅਲ ਵਤੀਰੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਿਸਾਨਾਂ ਵਿੱਚ ਗੁਰਪ੍ਰੀਤ ਸਿੰਘ ਸੀਲ, ਸੁਰਿੰਦਰ ਸਿੰਘ ਛਿੰਦਾ, ਸੋਨੀ ਸ਼ਾਹਪੁਰ, ਜਸਵੀਰ ਪੰਡਤਾਂ, ਜੰਗ ਵਿਰਕ, ਗੁਰਸੱਜਣ ਘੁਮਾਣ, ਗੁਰਜੰਟ ਸਿੰਘ ਖੇੜੀ, ਗੁਰਚਰਨ ਸਿੰਘ ਰਾਉਮਾਜਰਾ, ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੋਲੀ, ਤਾਰਾ ਸਿੰਘ ਮੰਡੋਲੀ, ਦਰਸ਼ਨ ਸਿੰਘ ਫਰੀਦਪੁਰ, ਇਕਾਈ ਪ੍ਰਧਾਨ ਪਵਿੱਤਰ ਸਿੰਘ ਸੀਲ, ਜਗਤਾਰ ਸਿੰਘ ਘੁਮਾਣਾ, ਦਰਬਾਰਾ ਸਿੰਘ, ਮਾਨ ਸਿੰਘ ਲੱਖੋਮਾਜਰਾ ਤੇ ਹੋਰ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |