ਸਨੌਰ, 8 ਮਾਰਚ (ਸੋਖਲ)-ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਲਈ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਸੰਬੰਧੀ ਗੱਲਬਾਤ ਕਰਦਿਆਂ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਕਿਹਾ ਕਿ ਹਲਕੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਦਿਨ ਪ੍ਰਤੀ ਦਿਨ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸਰਕਾਰ ਵਲੋਂ ਲਿਆਏ ਜਾ ਰਹੇ ਫ਼ੈਸਲੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ | ਪ੍ਰਦੀਪ ਜੋਸ਼ਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀਆਂ ਔਰਤਾਂ ਲਈ ਹਰ ਮਹੀਨੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ | ਇਸ ਵਾਅਦੇ ਨੂੰ ਪੂਰਾ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਇਸ ਸਕੀਮ ਦੇ ਫਾਰਮ ਭਰਵਾਏ ਜਾ ਰਹੇ ਹਨ |