ਨਾਭਾ, 12 ਮਾਰਚ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਉਨ੍ਹਾਂ ਵਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਸਾਬਕਾ ਚੇਅਰਮੈਨ ਗੁਰਚਰਨ ਸਿੰਘ ਘਮਰੋਦਾ, ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਗੁਰਤੇਜ ਸਿੰਘ ਕੌਲ ਅਤੇ ਕਰਮਪਾਲ ਸਿੰਘ ਢਿੱਲੋਂ ਆਦਿ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ | ਪਾਰਟੀ ਆਗੂਆਂ ਵਲੋਂ ਪਟਿਆਲਾ ਜ਼ਿਲ੍ਹਾ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਸਥਾਰ ਪੂਰਵਕ ਅਹਿਮ ਵਿਚਾਰਾਂ ਵੀ ਕੀਤੀਆਂ ਗਈਆਂ | ਮੁਲਾਕਾਤ ਕਰਨ ਉਪਰੰਤ ਹਲਕਾ ਇੰਚਾਰਜ ਬਿੱਟੂ ਚੱਠਾ ਨੇ ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ ਸੂਬੇ ਦੇ ਹਾਲਾਤ ਬੇਹਦ ਗੰਭੀਰ ਬਣ ਚੁੱਕੇ ਹਨ, ਜਿਸ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਭਰ ਦੇ ਅੰਦਰ 'ਪੰਜਾਬ ਬਚਾਓ ਰੈਲੀਆਂ' ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਦੇ ਸਦਕਾ 2027 'ਚ ਸ਼੍ਰੋਮਣੀ ਅਕਾਲੀ ਦਲ ਮੁੜ ਸਰਕਾਰ ਬਣਾਵੇਗੀ |