ਨਾਭਾ, 2 ਅਪ੍ਰੈਲ (ਕਰਮਜੀਤ ਸਿੰਘ)-ਪੰਜਾਬ ਵਿਚ ਆ ਰਹੀਆਂ 2027 ਦੀਆਂ ਅਸੈਂਬਲੀ ਚੋਣਾਂ 'ਚ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣਾ ਚਾਹੀਦਾ ਹੈ | ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸਥਾਨਕ ਆਗੂ ਰਾਮ ਕਿ੍ਸ਼ਨ ਭੱਲਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਬਹੁਤ ਵੱਡੇ ਕਾਰਜ ਕਰ ਰਹੀ ਹੈ ਅਤੇ ਜੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਸਮਝੌਤਾ ਹੋ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੂਰ ਹੋ ਜਾਣਗੀਆਂ | ਉਨ੍ਹਾਂ ਇਹ ਵੀ ਆਸ ਪ੍ਰਗਟ ਕੀਤੀ ਕਿ ਕੇਂਦਰ ਦੀ ਭਾਜਪਾ ਸਰਕਾਰ ਜਲਦੀ ਹੀ ਪੰਜਾਬ ਦੇ ਹਿਤ 'ਚ ਵੱਡੇ ਫ਼ੈਸਲੇ ਲੈ ਸਕਦੀ ਹੈ |