ਅਕਾਲੀ ਦਲ ਦੀ ਅਖੌਤੀ 'ਪੰਜਾਬ ਬਚਾਓ ਯਾਤਰਾ' ਅਸਲ 'ਚ ਪਰਿਵਾਰ ਬਚਾਓ ਯਾਤਰਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੈਲੀ ਦੌਰਾਨ ਮੰਚ 'ਤੇ ਬੈਠੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਕੈਬਨਿਟ ਮੰਤਰੀ ਅਮਨ ਅਰੋੜਾ | ਅਜੀਤ ਤਸਵੀਰ
<br/>
07-04-2026
ਪਟਿਆਲਾ, 6 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਟਿਆਲਾ ਦੀ ਆਨਾਜ ਮੰਡੀ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ 'ਚ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਾਰ ਸਾਲਾਂ ਵਿਚ ਕੀਤੇ ਲੋਕਪੱਖੀ ਕਾਰਜਾਂ ਬਾਰੇ ਦੱਸਦਿਆਂ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀ ਲਿਆ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ | ਅਕਾਲੀ ਦਲ ਦੀ ਅਖੌਤੀ 'ਪੰਜਾਬ ਬਚਾਓ ਯਾਤਰਾ' 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਸਲ 'ਚ ਇਹ 'ਪਰਿਵਾਰ ਬਚਾਓ ਯਾਤਰਾ' ਹੈ | ਉਨ੍ਹਾਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਅਕਾਲੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਮਤਲਬ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਅਤੇ ਆਮ ਆਦਮੀ 'ਤੇ ਅੱਤਿਆਚਾਰਾਂ ਦਾ ਯੁੱਗ ਵਾਪਸ ਲਿਆਉਣ ਲਈ ਆਪਣੀ ਸਹਿਮਤੀ ਦੇਣਾ ਹੈ | ਸਮਾਜ ਭਲਾਈ ਦੇ ਉਪਾਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ, ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ ਦੇ ਬੈਂਕ ਖਾਤੇ ਵਿਚ ਸਿੱਧੇ ਟ੍ਰਾਂਸਫਰ ਰਾਹੀਂ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ 1,500 ਰੁਪਏ ਪ੍ਰਾਪਤ ਕਰਨਗੀਆਂ | ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਾਭ ਦੇ ਯੋਗ ਹੋਣਗੀਆਂ | ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਪ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ ਤੇ ਮਹਿੰਦਰ ਭਗਤ ਸਮੇਤ ਵਿਧਾਇਕ ਨੀਨਾ ਮਿੱਤਲ, ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ ਬਾਜੀਗਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਰਣਜੋਧ ਸਿੰਘ ਹਡਾਣਾ, ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਹਰਪਾਲ ਸਿੰਘ ਵਿਰਕ, ਜੱਸੀ ਸੋਹੀਆਂ ਵਾਲਾ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ | ਸਮਾਰੋਹ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਪ੍ਰਮੁੱਖ ਸਕੱਤਰ ਖੇਡ ਵਿਭਾਗ ਸਰਵਜੀਤ ਸਿੰਘ, ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀ ਦਮਨਜੀਤ ਸਿੰਘ ਮਾਨ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਤੇ ਹਲਕਾ ਨਿਵਾਸੀ ਮੌਜੂਦ ਸਨ | ਇਸ ਦੌਰਾਨ ਆੜਤੀਆ ਐਸੋਸੀਏਸ਼ਨ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ¢