ਪਟਿਆਲਾ, 6 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੀ ਰਾਜਨੀਤੀ 'ਚ ਹੋਰਨਾਂ ਪਾਰਟੀਆਂ ਨੂੰ ਛੱਡ ਕਾਂਗਰਸ ਵਿਚ ਸ਼ਾਮਲ ਹੋਣ ਦਾ ਰੁਝਾਨ ਦਿਨ ਬ ਦਿਨ ਵਧਦਾ ਜਾ ਰਿਹਾ ਹੈ | ਇਸੇ ਤਹਿਤ ਨਾਭਾ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਬਹੁਜਨ ਸਮਾਜ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ (ਕਾਲਾ) ਨੇ ਬਸਪਾ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਇਹ ਸ਼ਮੂਲੀਅਤ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿਚ ਹੋਈ, ਜਿਸ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਵੇਖਣ ਨੂੰ ਮਿਲਿਆ | ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ (ਕਾਲਾ), ਜੋ ਕਿ ਪਿੰਡ ਸ਼ਮਲਾ (ਹਲਕਾ ਪਟਿਆਲਾ ਦਿਹਾਤੀ) ਨਾਲ ਸੰਬੰਧਿਤ ਹਨ ਅਤੇ ਨਾਭਾ ਵਿਧਾਨ ਸਭਾ ਹਲਕੇ ਵਿਚ ਬਸਪਾ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਸਨ, ਨੇ ਕਾਂਗਰਸ ਵਿਚ ਸ਼ਾਮਲ ਹੋਣ ਮੌਕੇ ਕਿਹਾ ਕਿ ਉਹ ਪਾਰਟੀ ਦੀ ਨੀਤੀਆਂ ਅਤੇ ਲੋਕ-ਹਿਤ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਨੂੰ ਮਜ਼ਬੂਤ ਅਤੇ ਲੋਕ-ਕੇਂਦਰਿਤ ਨੇਤਿ੍ਤਵ ਦੀ ਲੋੜ ਹੈ, ਜੋ ਸਿਰਫ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ | ਇਸ ਮੌਕੇ ਮੋਹਿਤ ਮਹਿੰਦਰਾ ਨੇ ਗੁਰਪ੍ਰੀਤ ਸਿੰਘ ਕਾਲਾ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਟਿਆਲਾ ਦਿਹਾਤੀ ਹਲਕੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਵਰਗੇ ਜ਼ਮੀਨੀ ਆਗੂ ਪਾਰਟੀ ਲਈ ਵੱਡੀ ਪੂੰਜੀ ਹੁੰਦੇ ਹਨ ਅਤੇ ਉਨ੍ਹਾਂ ਦੇ ਆਉਣ ਨਾਲ ਕਾਂਗਰਸ ਦੀ ਪਹੁੰਚ ਲੋਕਾਂ ਤੱਕ ਹੋਰ ਵਧੇਗੀ | ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਲੋਕਾਂ ਦਾ ਸਵਾਗਤ ਕਰਦੀ ਹੈ ਜੋ ਲੋਕਾਂ ਦੀ ਸੇਵਾ ਦੇ ਜਜ਼ਬੇ ਨਾਲ ਜੁੜੇ ਹੋਣ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਗੁਰਪ੍ਰੀਤ ਸਿੰਘ ਨੂੰ ਪਾਰਟੀ ਵਿਚ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਯੋਗਤਾ ਦਾ ਲਾਭ ਪਾਰਟੀ ਦੀ ਮਜ਼ਬੂਤੀ ਲਈ ਲਿਆ ਜਾਵੇਗਾ | ਇਸ ਮੌਕੇ ਹੋਰ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ, ਜਿਨ੍ਹਾਂ ਨੇ ਗੁਰਪ੍ਰੀਤ ਸਿੰਘ ਦਾ ਸਵਾਗਤ ਕੀਤਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲਿਆ |