ਪਟਿਆਲਾ 7 ਅਪ੍ਰੈਲ (ਅ.ਸ. ਆਹਲੂਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਚੱਲੇ ਰਹੇ ਸਮਾਗਮਾਂ ਦੀ ਲੜੀ 'ਚ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਅਕਾਲੀ ਫੂਲਾ ਸਿੰਘ ਨੇ ਮੁਖਵਾਕ ਲਿਆ ਅਤੇ ਭਾਈ ਹਰਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਮੋਤੀ ਬਾਗ ਵਿਖੇ ਵਰ੍ਹਦੇ ਮੀਂਹ ਵਿਚ ਗੁਰੂ ਘਰ ਮੱਥਾ ਟੇਕ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਅਤੇ ਵੱਖ-ਵੱਖ ਸਜਾਵਟੀ ਫੁੱਲਾਂ ਨਾਲ ਸਜਾਵਟ ਕੀਤੀ ਗਈ | ਗੁਰਮਤਿ ਸਮਾਗਮ ਦੌਰਾਨ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਜਥੇ. ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਵਿਚ ਵਿਲੱਖਣ ਕਾਰਜ ਕੀਤੇ ਅਤੇ ਗੁਰਬਾਣੀ ਦੀ ਰਚਨਾ ਕਰਕੇ ਸਚਿਆਰ ਮਨੁੱਖ ਬਣਾਉਣ ਵੱਲ-ਵੱਡੇ ਉਪਰਾਲੇ ਕੀਤੇ | ਇਸ ਮੌਕੇ 'ਤੇ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਆਪਣਾ ਆਪ ਗੁਰੂ ਸਾਹਿਬ ਨੂੰ ਸਮਰਪਿਤ ਕਰਨ | ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ 'ਤੇ ਜ਼ੋਰ ਦਿੱਤਾ | ਗੁਰਦੁਆਰਾ ਪ੍ਰਬੰਧਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਨੇ ਕਿਹਾ ਕਿ ਦੇਰ ਰਾਤ ਤੱਕ ਪ੍ਰਕਾਸ਼ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ ਦੇ ਨਾਲ ਸਮਾਪਤੀ ਹੋਵੇਗੀ | ਇਸ ਦੌਰਾਨ ਪ੍ਰਬੰਧਕਾਂ ਨੇ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਂਟ ਕੀਤਾ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ ਚੱਢਾ, ਤਰਲੋਕ ਸਿੰਘ ਤੋਰਾ, ਮੀਤ ਮੈਨੇਜਰ ਜਸਵਿੰਦਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਬਾਬਾ ਕੁਲਦੀਪ ਸਿੰਘ, ਸੁਰਿੰਦਰ ਸਿੰਘ ਘੁਮਾਣਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ਼ ਮੈਂਬਰ ਆਦਿ ਸ਼ਾਮਲ ਹੋਏ |