ਪਟਿਆਲਾ, 9 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ | ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਲਏ ਗਏ ਫ਼ੈਸਲੇ ਅਨੁਸਾਰ 11 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਅੱਜ ਕੰਪਿਊਟਰ ਟੀਚਰਜ਼ ਯੂਨੀਅਨ ਪਟਿਆਲਾ ਦੀ ਇਕ ਅਹਿਮ ਮੀਟਿੰਗ ਸੂਬਾ ਆਗੂ ਬਲਜੀਤ ਸਿੰਘ, ਹਨੀ ਗਰਗ, ਰਣਜੀਤ ਸਿੰਘ ਅਤੇ ਧਿਆਨ ਸਿੰਘ ਦੀ ਅਗਵਾਈ ਵਿਚ ਇਕ ਹੰਗਾਮੀ ਮੀਟਿੰਗ ਹੋਈ | ਜਿਸ ਵਿਚ ਆਗੂਆਂ ਵਲੋਂ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿਚ ਹਮੇਸ਼ਾ ਉਨ੍ਹਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ | 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫ਼ਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ-ਬਿੰਨ ਲਾਗੂ ਨਹੀਂ ਕੀਤਾ ਹੈ | ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਅਰਵਿੰਦ ਕੁਮਾਰ, ਰਜਨੀਸ਼ ਬਾਂਸਲ, ਮਨੋਜ ਕੁਮਾਰ, ਹਰਜੀਤ ਕੌਰ, ਸੀਮਾ ਰਾਣੀ, ਅਮਨਦੀਪ ਕੌਰ, ਰਣਦੀਪ ਸਿੰਘ ਆਦਿ ਹਾਜ਼ਰ ਸਨ |