ਪਟਿਆਲਾ, 15 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਵਿਧਾਨ ਸਭਾ ਵਲੋਂ ਸਰਬ ਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਪਾਸ ਕੀਤਾ ਜਾਣਾ ਸਵਾਗਤ ਕਰਨ ਦੇ ਨਾਲ ਸਵਾਲ ਚੁੱਕਦਿਆਂ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਸਕਦਾ, ਜੇ ਸਰਕਾਰਾਂ ਦੀ ਇੱਛਾ ਸ਼ਕਤੀ ਹੋਵੇ | ਇਸ ਸੰਬੰਧ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਰਾਜਪਾਲ ਨੇ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਕਾਨੂੰਨ ਬਹੁਤ ਮੌਜੂਦ ਹਨ ਪਰੰਤੂ ਸਰਕਾਰਾਂ ਦੀ ਇੱਛਾ ਸ਼ਕਤੀ ਘੱਟ ਹੋਣ ਕਾਰਨ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਰਿਹਾ | ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਸੋਧ ਬਿੱਲ 2026 ਨੂੰ ਮਾਨਯੋਗ ਰਾਜਪਾਲ ਦੀ ਪ੍ਰਵਾਨਗੀ ਮਿਲਣ ਉਪਰੰਤ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰੇ | ਬੇਅਦਬੀ ਦੇ ਦੋਸ਼ੀਆਂ ਦੀਆਂ ਸਖ਼ਤ ਸਜਾਵਾਂ ਨੂੰ ਯਕੀਨੀ ਬਣਾਉਣ ਤਾਂ ਹੀ ਜੋ ਇਸ ਨਿੰਦਣਯੋਗ ਘਿਨਾਉਣੀ ਨੀਚ ਕਾਰਵਾਈ ਨੂੰ ਬੰਦ ਕੀਤਾ ਜਾ ਸਕੇ |