ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਅਨਾਜ ਮੰਡੀ ਪਟਿਆਲਾ ਦਾ ਦੌਰਾ ਕੀਤਾ | ਜਿੱਥੇ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਨਾਮ ਸਿੰਘ ਲਚਕਾਣੀ, ਹਰਦੇਵ ਸਿੰਘ ਸਰਪੰਚ, ਵਿਕਰਮ ਬੱਧਵਾਰ, ਅਨਮੋਲ ਚੱਠਾ, ਪਰਮਜੀਤ ਸਿੰਘ ਪੰਮਾ, ਕਮਲਪ੍ਰੀਤ ਸਿੰਘ, ਗੋਰਾ ਵਿਰਕ, ਰੋਹਿਨ ਸ਼ਰਮਾ ਸਮੇਤ ਕਈ ਹੌਰ ਆਗੂ ਮੌਜੂਦ ਸਨ | ਬਿੱਟੂ ਚੱਠਾ ਨੇ ਕਿਹਾ ਕਿ ਅਨਾਜ ਮੰਡੀ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਸਪਸ਼ਟ ਨਜ਼ਰ ਆ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਸਹੀ ਮੁੱਲ ਅਤੇ ਸੁਵਿਧਾਵਾਂ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਮੌਜੂਦਾ ਪ੍ਰਬੰਧਨ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਮੰਡੀ ਵਿਚ ਤੁਰੰਤ ਸੁਧਾਰ ਕੀਤੇ ਜਾਣ, ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਹਰ ਪੱਖੋਂ ਸਹੂਲਤਾਂ ਦਿੱਤੀਆਂ ਜਾਣ | ਬਿੱਟੂ ਚੱਠਾ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕਦਮ ਨਾ ਚੁੱਕੇ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਦੌਰੇ ਦੌਰਾਨ ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਵੀ ਆਪਣੇ ਮਸਲੇ ਰੱਖੇ, ਜਿਨ੍ਹਾਂ ਦੇ ਹੱਲ ਲਈ ਬਿੱਟੂ ਚੱਠਾ ਨੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ |