ਪਟਿਆਲਾ, 16 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼ਹਿਰ ਵਿਚ ਸਫ਼ਾਈ ਪ੍ਰਬੰਧ ਨੂੰ ਹੋਰ ਸੁਧਾਰਨ ਅਤੇ ਕੂੜਾ ਕਰਕਟ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਸੈਨੇਟਰੀ ਇੰਸਪੈਕਟਰਾਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਸ਼ਹਿਰ ਵਿਚ ਵਧ ਰਹੀ ਗੰਦਗੀ ਨੂੰ ਲੈ ਕੇ ਗੰਭੀਰ ਚਰਚਾ ਹੋਈ ਅਤੇ ਤੁਰੰਤ ਪ੍ਰਭਾਵ ਨਾਲ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਗਏ | ਉਨ੍ਹਾਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸੈਨੇਟਰੀ ਇੰਸਪੈਕਟਰਾਂ ਨੂੰ ਹਦਾਇਤ ਦਿੱਤੀ ਗਈ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਉਲੰਘਣਾ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ | ਮੇਅਰ ਨੇ ਖ਼ਾਸ ਤੌਰ 'ਤੇ ਸੜਕਾਂ ਦੇ ਕਿਨਾਰੇ ਰੇਹੜੀ ਲਗਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਨਿਗਮ ਟੀਮ ਵਲੋਂ ਉਨ੍ਹਾਂ ਕੋਲ ਡਸਟਬਿਨ ਨਹੀਂ ਪਾਏ ਗਏ ਤਾ ਉਨ੍ਹਾਂ ਦਾ ਮੋਟਾ ਜੁਰਮਾਨਾ ਕੀਤਾ ਜਾਵੇਗਾ ਅਤੇ ਨਾ ਮੰਨਣ ਦੀ ਸੂਰਤ ਵਿਚ ਉਨ੍ਹਾਂ 'ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ, ਦੁਕਾਨਦਾਰ ਜਾਂ ਕੂੜਾ ਚੁੱਕਣ ਵਾਲੇ ਰੇਹੜੀ ਵਾਲਿਆਂ ਵਲੋਂ ਸੜਕਾਂ ਜਾਂ ਜਨਤਕ ਸਥਾਨਾਂ 'ਤੇ ਕੂੜਾ ਸੁੱਟਿਆ ਗਿਆ ਤਾਂ ਉਨ੍ਹਾਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਾਲ ਹੀ ਇਸ ਵਿਚ ਬਣਦਾ ਜੁਰਮਾਨਾ ਵੀ ਲਗਾਇਆ ਜਾਵੇਗਾ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਿਗਮ ਦੀਆਂ ਟੀਮਾਂ ਵਲੋਂ ਰੋਜਾਨਾ ਨਿਗਰਾਨੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ | ਮੇਅਰ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫ਼ਾਈ ਵਿਚ ਆਪਣਾ ਯੋਗਦਾਨ ਪਾਉਣ ਅਤੇ ਸ਼ਹਿਰ ਨੂੰ ਸੁੱਚਾ ਤੇ ਸੁੰਦਰ ਬਣਾਉਣ 'ਚ ਸਹਿਯੋਗ ਦੇਣ | ਉਨ੍ਹਾਂ ਨੇ ਕਿਹਾ ਕਿ ਸਫ਼ਾਈ ਸਿਰਫ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ | ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ |