ਪਟਿਆਲਾ, 16 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਯੂ.ਪੀ.ਐੱਸ.ਸੀ. ਵਲੋਂ ਕਰਵਾਏ ਸਿਵਿਲ ਸਰਵਿਸਿਜ਼ ਪ੍ਰੀਖਿਆਵਾਂ ਵਿਚ 422ਵਾਂ ਰੈਂਕ ਹਾਸਲ ਕਰਨ ਵਾਲ਼ੀ ਯੂਨੀਵਰਸਿਟੀ ਵਿਦਿਆਰਥਣ ਜਸਪ੍ਰੀਤ ਕੌਰ ਦਾ ਸਨਮਾਨ ਕੀਤਾ | ਜਸਪ੍ਰੀਤ ਕੌਰ ਅੱਜ ਇੱਥੇ ਯੂਨੀਵਰਸਿਟੀ ਵਿਚਲੇ ਆਪਣੇ ਸਿਵਿਲ ਇੰਜਨੀਅਰਿੰਗ ਵਿਭਾਗ ਵਲੋਂ ਦਿੱਤੇ ਗਏ ਵਿਸ਼ੇਸ਼ ਸੱਦੇ 'ਤੇ ਯੂਨੀਵਰਸਿਟੀ ਕੈਂਪਸ ਪਹੁੰਚੀ ਸੀ | ਡਾ. ਜਗਦੀਪ ਸਿੰਘ ਨੇ ਜਸਪ੍ਰੀਤ ਕੌਰ ਅਤੇ ਉਸ ਦੇ ਸਿਵਿਲ ਇੰਜਨੀਅਰਿੰਗ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਜਸਪ੍ਰੀਤ ਕੌਰ ਅਤੇ ਉਸ ਦੇ ਪਰਿਵਾਰ ਲਈ, ਸਗੋਂ ਸਮੁੱਚੀ ਯੂਨੀਵਰਸਿਟੀ ਲਈ ਬਹੁਤ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਜਸਪ੍ਰੀਤ ਵਰਗੇ ਮਿਹਨਤੀ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੇ ਹਨ ਅਤੇ ਸਾਬਤ ਕਰਦੇ ਹਨ ਕਿ ਦਿ੍ੜ ਇਰਾਦੇ ਅਤੇ ਸਖ਼ਤ ਮਿਹਨਤ ਨਾਲ਼ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ | ਉਨ੍ਹਾਂ ਜਸਪ੍ਰੀਤ ਕੌਰ ਨੂੰ ਉਸ ਦੇ ਭਵਿੱਖ ਦੇ ਪ੍ਰਸ਼ਾਸਨਿਕ ਸਫ਼ਰ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਇਕ ਇਮਾਨਦਾਰ ਅਤੇ ਲੋਕ-ਪੱਖੀ ਅਧਿਕਾਰੀ ਵਜੋਂ ਦੇਸ਼ ਦੀ ਸੇਵਾ ਕਰੇਗੀ | ਇਸ ਮੌਕੇ ਸਿਵਲ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਮਨਿੰਦਰ ਸਿੰਘ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ, ਜਿਨ੍ਹਾਂ ਨੇ ਜਸਪ੍ਰੀਤ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ | ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਸੈਸ਼ਨ 2014 ਤੋਂ 2018 ਦੌਰਾਨ ਵਿਭਾਗ ਦੀ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਰਹੀ ਹੈ | ਇਸ ਮੌਕੇ ਹਾਜ਼ਰ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਵਲੋਂ ਵੀ ਜਸਪ੍ਰੀਤ ਕੌਰ ਨੂੰ ਵਧਾਈ ਦਿੱਤੀ ਗਈ |