ਪਟਿਆਲਾ, 21 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਨੇ ਢਾਕ ਬਾਜ਼ਾਰ, ਗੁੜ ਮੰਡੀ ਵਿਖੇ ਦੁਕਾਨਾਂ ਨਾਲ ਸੰਬੰਧਿਤ ਮਾਮਲੇ ਵਿਚ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦੇ ਹੋਏ ਦੁਕਾਨਦਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ | ਪਾਰਟੀ ਆਗੂਆਂ ਨੇ ਕਿਹਾ ਕਿ ਉਕਤ ਮਾਮਲੇ ਦੌਰਾਨ ਕੁੱਝ ਵਿਅਕਤੀਆਂ ਵਲੋਂ ਦੁਕਾਨਦਾਰਾਂ ਨੂੰ ਤੰਗ ਕਰਨ ਅਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਦੋਸ਼ ਸਾਹਮਣੇ ਆਏ ਹਨ, ਜਿਸ ਨਾਲ ਵਪਾਰੀ ਵਰਗ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੇ ਪੁਲਿਸ ਕੋਲ ਸਹਾਇਤਾ ਲਈ ਅਪੀਲ ਕੀਤੀ ਅਤੇ ਮਾਮਲੇ ਦੀ ਠੀਕ ਜਾਂਚ ਦੀ ਮੰਗ ਕੀਤੀ | ਇਸ ਸੰਬੰਧੀ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ ਅਤੇ ਡਾ. ਮਨਪ੍ਰੀਤ ਸਿੰਘ ਚੱਢਾ ਸਮੇਤ ਹੋਰ ਆਗੂਆਂ ਨੇ ਪ੍ਰਭਾਵਿਤ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ 'ਤੇ ਬੈਠੇ ਵਪਾਰੀਆਂ ਨੂੰ ਪੂਰੀ ਸੁਰੱਖਿਆ ਮਿਲਣੀ ਚਾਹੀਦੀ ਹੈ | ਪਾਰਟੀ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਵਪਾਰੀ ਵਰਗ ਦਾ ਭਰੋਸਾ ਕਾਇਮ ਰੱਖਣ ਲਈ ਪ੍ਰਸ਼ਾਸਨ ਵਲੋਂ ਯੋਗ ਕਦਮ ਚੁੱਕੇ ਜਾਣ | ਇਸ ਮੌਕੇ ਗੌਤਮ ਜੈਨ, ਗਗਨ ਜੈਨ, ਹਰਿੰਦਰ ਕੁਮਾਰ ਗੋਇਲ, ਸੁਨੀਲ ਕੁਮਾਰ ਹੈਪੀ, ਜਸਪ੍ਰੀਤ ਸਿੰਘ ਲੱਕੀ, ਸ਼ਮੀਲ ਕੁਰੈਸ਼ੀ, ਸੋਨੂ ਮਾਜਰੀ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਵਿੱਕੀ, ਦਰਸ਼ਨਪ੍ਰੀਤ ਸਿੰਘ ਪਿ੍ੰਸ ਅਤੇ ਹਰਮੀਤ ਸਿੰਘ ਮੀਤ ਵੀ ਹਾਜ਼ਰ ਸਨ |