01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪੰਜਾਬੀ ਯੂਨਿਵਰਸਿਟੀ ਵਿਖੇ ਵਿਸਾਖੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 23-04-2026
ਪਟਿਆਲਾ, 22 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ ਵਿਸਾਖੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ |
'ਗੁਰੂ ਗੋਬਿੰਦ ਸਿੰਘ ਜੀ : ਸਮਾਜਿਕ ਬਰਾਬਰੀ ਦਾ ਸੰਦੇਸ਼' ਵਿਸ਼ੇ 'ਤੇ ਕਰਵਾਏ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਖ਼ਾਲਸਾ ਪੰਥ ਅਤੇ ਆਪ ਪੰਜ ਪਿਆਰਿਆਂ ਤੋਂ ਅੰਮਿ੍ਤ ਛਕ ਕੇ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਬਣਨ ਦੇ ਅਨੁਭਵ ਬਾਰੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਕਿਹਾ ਕਿ ਇਹ ਦੁਨੀਆ ਦੇ ਇਤਿਹਾਸ ਵਿਚ ਇਕ ਵੱਡੀ ਘਟਨਾ ਹੈ, ਜਿਸ ਨੇ ਸਾਰੇ ਵਿਤਕਰਿਆਂ ਨੂੰ ਖ਼ਤਮ ਕੀਤਾ | ਉਨ੍ਹਾਂ ਵਿਭਾਗ ਦੇ ਅਧਿਆਪਕਾਂ ਅਤੇ ਖੋਜਾਰਥੀਆਂ ਵਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਅਤੇ ਗੁਰੂ ਗੋਬਿੰਦ ਸਿੰਘ ਭਵਨ ਅਤੇ ਇਸ ਵਿਚ ਚਲ ਰਹੇ ਖੋਜ ਕਾਰਜਾਂ ਨੂੰ ਪੰਜਾਬੀ ਯੂਨੀਵਰਸਿਟੀ ਦੀ ਪਛਾਣ ਦੱਸਿਆ | ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਦੇ ਪ੍ਰੋਫੈਸਰ ਇੰਚਾਰਜ, ਡਾ. ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ੀ ਸਮਾਜਕ ਬਰਾਬਰੀ ਆਮ ਬਰਾਬਰਤਾ ਨਹੀਂ ਸਗੋਂ ਇਸ ਵਿਚ ਆਰਥਿਕ, ਧਾਰਮਿਕ, ਰਾਜਨੀਤਕ ਅਤੇ ਅਧਿਆਤਮਕ ਪੱਖਾਂ ਦੇ ਅਧਾਰ 'ਤੇ ਇਕਸਾਰਤਾ ਬਖ਼ਸ਼ੀ ਗਈ ਹੈ | ਇਸ ਸੈਮੀਨਾਰ ਦੇ ਅਕਾਦਮਿਕ ਸੈਸ਼ਨ ਵਿਚ ਡਾ. ਗੁਰਮੇਲ ਸਿੰਘ, ਅਸਿਸਟੈਂਟ ਪ੍ਰੋਫੈਸਰ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਡਾ. ਗੁਰਵੀਰ ਸਿੰਘ, ਅਸਿਸਟੈਂਟ ਪ੍ਰੋਫੈਸਰ, ਖ਼ਾਲਸਾ ਕਾਲਜ, ਪਟਿਆਲਾ ਅਤੇ ਡਾ. ਤੇਜਿੰਦਰ ਪਾਲ ਸਿੰਘ, ਅਸਿਸਟੈਂਟ ਪ੍ਰੋਫੈਸਰ, ਯੂਨੀਵਰਸਿਟੀ ਕਾਲਜ, ਮੀਰਾਂਪੁਰ ਵਲੋਂ ਖ਼ਾਲਸਾ ਸਿਰਜਨਾ, ਧਰਮ ਤੇ ਸਭਿਆਚਾਰ ਦੀ ਸੁਰੱਖਿਆ ਅਤੇ ਪ੍ਰੇਮ ਸੁਮਾਰਗ ਗ੍ਰੰਥ ਦੇ ਹਵਾਲੇ ਨਾਲ ਸਮਾਜਕ ਬਰਾਬਰਤਾ ਸੰਬੰਧੀ ਤਿੰਨ ਪਰਚੇ ਪੇਸ਼ ਕੀਤੇ ਗਏ | ਇਸ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਸਿੱਖ ਵਿਸ਼ਵਕੋਸ਼ ਵਿਭਾਗ, ਨੇ ਧਰਮ ਗ੍ਰੰਥਾਂ ਦਾ ਅਧਿਐਨ ਧਰਮ ਅਧਿਐਨ ਦਾ ਇਕ ਜ਼ਰੂਰੀ ਹਿੱਸਾ ਦਸਿਆ | ਧਰਮ ਗ੍ਰੰਥਾਂ ਦੀ ਵਿਆਖਿਆਕਾਰੀ ਸਮੇਂ ਅਤੇ ਸਥਾਨ ਦੇ ਨਾਲ ਬਦਲਦੀ ਰਹਿੰਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਾਂ ਦੀ ਦਸਤਾਰ ਅਤੇ ਲੰਗਰ ਪ੍ਰਥਾ ਨੂੰ ਸਿੱਖੀ ਦੀ ਨਵੇਕਲੀ ਪਛਾਣ ਦੱਸਿਆ | ਡਾ. ਤੇਜਿੰਦਰ ਕੌਰ ਧਾਲੀਵਾਲ, ਮੁਖੀ ਧਰਮ ਅਧਿਐਨ ਵਿਭਾਗ ਵਲੋਂ ਆਏ ਮਹਿਮਾਨਾਂ ਧੰਨਵਾਦ ਕੀਤਾ ਗਿਆ | ਸਟੇਜ ਸੰਚਾਲਨ ਦਾ ਕਾਰਜ ਡਾ. ਪ੍ਰਦੀਪ ਕੌਰ ਵਲੋਂ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਨੇ ਨਾਰੀ ਤਾਕਤ ਦੇ ਬਿਰਤਾਂਤ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ 2027 ਵਿਧਾਨ ਸਭਾ ਚੋਣਾਂ 'ਚ ਪੰਥਕ ਸਰਕਾਰ ਬਣੇਗੀ-ਵਿੰਦਾ ਗਰੋਵਰ
Ad Position 24