ਪਟਿਆਲਾ, 22 ਅਪ੍ਰੈਲ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਵਾਰਡ ਨੰਬਰ 34 ਵਿਖੇ ਸਿਹਤ ਬੀਮਾ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਿਰਫ਼ ਵਾਰਡ ਦੇ ਨਹੀਂ ਬਲਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੇ ਨਿਵਾਸੀਆਂ ਨੇ ਸਿਹਤ ਬੀਮਾ ਕਾਰਡ ਬਣਵਾਏ | ਇਸ ਮੌਕੇ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਜ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਲੋਕ-ਹਿਤੈਸ਼ੀ ਯੋਜਨਾਵਾਂ ਵਿਚੋਂ ਇਕ ਹੈ, ਜਿਸ ਦਾ ਉਦੇਸ਼ ਹਰ ਯੋਗ ਪਰਿਵਾਰ ਨੂੰ ਸਿਹਤ ਸੁਰੱਖਿਆ ਦੇਣਾ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਕੈਸ਼ਲੈਸ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਵੱਡੀ ਰਾਹਤ ਮਿਲ ਰਹੀ ਹੈ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ਵਿਚ ਹੁਣ ਤੱਕ 40 ਲੱਖ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਇਹ ਅੰਕੜਾ ਲਗਾਤਾਰ ਵੱਧ ਰਿਹਾ ਹੈ | ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ | ਇਸ ਲਈ ਵੱਖ-ਵੱਖ ਪੱਧਰਾਂ 'ਤੇ ਲਗਾਤਾਰ ਰਜਿਸਟੇ੍ਰਸ਼ਨ ਕੈਂਪ ਲਗਾਏ ਜਾ ਰਹੇ ਹਨ | ਤੇਜਿੰਦਰ ਮਹਿਤਾ ਨੇ ਕਿਹਾ ਕਿ ਇਹ ਯੋਜਨਾ ਗ਼ਰੀਬ ਅਤੇ ਮੱਧ ਵਰਗ ਲਈ ਸਿਹਤ ਸੁਰੱਖਿਆ ਦੀ ਇਕ ਮਜ਼ਬੂਤ ਗਾਰੰਟੀ ਬਣ ਰਹੀ ਹੈ | ਕੈਂਪਾਂ ਰਾਹੀਂ ਲੋਕਾਂ ਨੂੰ ਸਿੱਧੇ ਤੌਰ 'ਤੇ ਜੋੜ ਕੇ ਉਨ੍ਹਾਂ ਦੀ ਰਜਿਸਟੇ੍ਰਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਬੀਮਾ ਕਾਰਡ ਬਣਵਾਉਣ ਦੀ ਪ੍ਰਕਿਰਿਆ ਪੂਰੀ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਬੰਸਲ, ਮਹਿਲਾ ਵਿੰਗ ਦੀ ਵਾਰਡ ਪ੍ਰਧਾਨ ਮਮਤਾ ਢੰਡ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ, ਸੀਨੀਅਰ ਆਗੂ ਗੁਲਜ਼ਾਰ ਪਟਿਆਲਵੀ, ਬਿਕਰਮ ਔਲਖ, ਯੂਥ ਹਲਕਾ ਇੰਚਾਰਜ ਸਨੌਰ ਰੁਪਿੰਦਰ ਸਿੰਘ, ਸੰਜੇ ਕਪੂਰ, ਨਿਸਾਰ ਅਹਿਮਦ, ਯੂਥ ਆਗੂ ਸੁਰਿੰਦਰ ਨਿੱਕੂ, ਲਵਪ੍ਰੀਤ ਸਿੰਘ ਕਾਹਲੋਂ, ਸੁਰਿੰਦਰ ਅੱਤਰੀ, ਅਮਰੀਕ ਸਿੰਘ, ਗੁਰਨਾਮ ਸਿੰਘ ਫੌਜੀ, ਦਵਿੰਦਰ ਸਿੰਘ ਧੀਮਾਨ, ਆਰ.ਐਸ.ਐਸ. ਮੈਂਬਰ ਅਮਰਜੀਤ ਸਿੰਘ, ਚਿਰਾਗ ਸਿੰਗਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ |