ਸਮਾਣਾ, 24 ਅਪ੍ਰੈਲ (ਸਾਹਿਬ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ ਵਲੋਂ ਵਿਧਾਇਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਫ਼ਤਿਹਮਾਜਰੀ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਟਿਵਾਣਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ 1.25 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਖੇਤਾਂ ਤੱਕ ਸਿੱਧਾ ਪਾਣੀ ਪਹੁੰਚਾਉਣਾ ਹੈ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਲਗਭਗ 600 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਫ਼ਸਲਾਂ ਦੀ ਪੈਦਾਵਾਰ ਵਿਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਵੀ ਮਜ਼ਬੂਤ ਹੋਵੇਗੀ | ਸਥਾਨਕ ਕਿਸਾਨਾਂ ਨੇ ਇਸ ਉਪਰਾਲੇ ਲਈ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਗੁਰਦੇਵ ਸਿੰਘ ਟਿਵਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਖੇਤੀਬਾੜੀ ਲਈ ਮੀਲ ਪੱਥਰ ਸਾਬਤ ਹੋਵੇਗੀ |