ਸਮਾਣਾ, 25 ਅਪ੍ਰੈਲ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਪਿੰਡ ਤਲਵੰਡੀ ਮਲਿਕ ਵਿਖੇ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਖੇਤਾਂ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਪਾਇਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ | ਇਸ ਕਾਰਜ ਉੱਤੇ 1 ਕਰੋੜ 22 ਲੱਖ ਰੁਪਏ ਖਰਚ ਹੋਣਗੇ | ਇਸ ਮੌਕੇ ਸੀਨੀਅਰ 'ਆਪ' ਆਗੂ ਹਰਜਿੰਦਰ ਸਿੰਘ ਮਿੰਟੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਹੋਰ ਆਪ ਨੇਤਾ ਵੀ ਹਾਜ਼ਰ ਸਨ | ਸ. ਜੋੜਾਮਾਜਰਾ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਲੰਮੇ ਸਮੇਂ ਤੋਂ ਖੇਤੀ ਲਈ ਨਹਿਰੀ ਪਾਣੀ ਦੀ ਮੰਗ ਕੀਤੀ ਜਾ ਰਹੀ ਸੀ | ਇਸ ਨੂੰ ਧਿਆਨ ਵਿਚ ਰੱਖਦਿਆਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਸ ਨਾਲ ਲਗਭਗ 600 ਏਕੜ ਖੇਤੀਯੋਗ ਜ਼ਮੀਨ ਤੱਕ ਨਹਿਰੀ ਪਾਣੀ ਆਸਾਨੀ ਨਾਲ ਪਹੁੰਚ ਜਾਵੇਗਾ, ਜਿਸ ਨਾਲ ਖੇਤੀਬਾੜੀ ਉਤਪਾਦਨ ਵਧੇਗਾ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ | ਰਾਜ ਵਿਚ ਭੂਮੀਗਤ ਪਾਈਪ ਲਾਈਨਾਂ ਰਾਹੀਂ ਨਹਿਰੀ ਪਾਣੀ ਪਹੁੰਚਾਉਣ ਦੇ ਕਈ ਪ੍ਰੋਜੈਕਟ ਚਲਾਏ ਜਾ ਰਹੇ ਹਨ ਤਾਂ ਜੋ ਪਾਣੀ ਦੀ ਬਰਬਾਦੀ ਰੋਕੀ ਜਾ ਸਕੇ ਅਤੇ ਟੇਲ ਅਤੇ ਖੇਤਾਂ ਤੱਕ ਪਾਣੀ ਪਹੁੰਚਾਇਆ ਜਾ ਸਕੇ | ਇਸ ਪ੍ਰੋਜੈਕਟ ਤੋਂ ਪਿੰਡ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀਆਂ ਮੁਸੀਬਤਾਂ ਘੱਟ ਹੋਣਗੀਆਂ | ਪਿੰਡ ਵਾਸੀਆਂ ਨੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਇਸ ਕੰਮ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ | ਇਸ ਮੌਕੇ ਸਥਾਨਕ ਪੰਚਾਇਤ ਮੈਂਬਰਾਂ ਅਤੇ ਕਿਸਾਨਾਂ ਨੇ ਵੀ ਹਾਜ਼ਰੀ ਭਰੀ |