ਪਟਿਆਲਾ 26 ਅਪ੍ਰੈਲ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਫਲੈਗਸ਼ਿਪ ਪ੍ਰੋਗਰਾਮ ''ਸੰਪਰਕ 2026'' ਅਧੀਨ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਐਸ.ਐਸ.ਪੀ. ਵਰੁਣ ਸ਼ਰਮਾ, ਐਸ.ਪੀ. ਵੈਭਵ ਚੌਧਰੀ ਸਮੇਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਪਿੰਡਾਂ ਤੋਂ ਆਏ ਪੰਚ-ਸਰਪੰਚਾਂ, ਵਲੰਟੀਅਰਜ਼ ਅਤੇ ਆਮ ਜਨਤਾ ਨੇ ਸ਼ਿਰਕਤ ਕੀਤੀ | ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਾਤਮੇ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਜਨਤਾ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਪ੍ਰਾਪਤ ਕਰਨਾ ਹੈ | ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਖੁੱਲ੍ਹਾ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਜੰਗੀ ਪੱਧਰ 'ਤੇ ਲੜਨ ਲਈ ਸਾਂਝੇ ਯਤਨਾਂ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ | ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵਲੋਂ ਪਿਛਲੇ ਇਕ ਸਾਲ ਦੌਰਾਨ 1600 ਤੋਂ ਵੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਜੋ ਕਿ ਨਸ਼ਾ ਤਸਕਰੀ ਅਤੇ ਸੰਬੰਧਿਤ ਅਪਰਾਧਾਂ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ ਦਾ ਪ੍ਰਮਾਣ ਹੈ | ਉਨ੍ਹਾਂ ਕਿਹਾ ਕਿ ਇਹ ਸਫਲਤਾ ਜਨਤਾ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ ਅਤੇ ਆਗਾਮੀ ਸਮੇਂ ਵਿਚ ਵੀ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੇਗੀ | ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਸਿਰਫ਼ ਪਰੰਪਰਾਗਤ ਤਰੀਕਿਆਂ ਨਾਲ ਹੀ ਨਹੀਂ, ਸਗੋਂ ਨਵੀਆਂ ਰਣਨੀਤੀਆਂ ਅਪਣਾ ਕੇ ਵੀ ਨਸ਼ਾ ਤਸਕਰੀ ਦੇ ਜਾਲ ਨੂੰ ਤੋੜ ਰਹੀ ਹੈ | ਸਪਲਾਈ ਚੈਨ ਨੂੰ ਤੋੜਨ ਤੋਂ ਬਾਅਦ ਵੀ ਸੰਬੰਧਿਤ ਅਪਰਾਧੀਆਂ ਉੱਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਇਸ ਗ਼ੈਰਕਾਨੰੂਨੀ ਧੰਦੇ ਵਿਚ ਸ਼ਾਮਲ ਨਾ ਹੋ ਸਕਣ | ਮੀਟਿੰਗ ਦੌਰਾਨ ਪਿੰਡਾਂ ਤੋਂ ਆਏ ਪੰਚਾਂ ਅਤੇ ਸਰਪੰਚਾਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਤਾਂ ਜੋ ਜ਼ਮੀਨੀ ਪੱਧਰ 'ਤੇ ਨਸ਼ਿਆਂ ਦੀ ਸਥਿਤੀ ਬਾਰੇ ਸਿੱਧੀ ਜਾਣਕਾਰੀ ਮਿਲ ਸਕੇ | ਪੁਲਿਸ ਅਧਿਕਾਰੀਆਂ ਨੇ ਏਰੀਆ ਵਾਈਜ਼ ਫੀਡਬੈਕ ਲੈਂਦੇ ਹੋਏ ਸੰਬੰਧਿਤ ਡੀਐਸਪੀਜ ਅਤੇ ਐਸ.ਐੱਚ.ਓਜ. ਨੂੰ ਤੁਰੰਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਐਸ.ਐੱਚ.ਓ. ਜਸਪ੍ਰੀਤ ਸਿੰਘ ਕਾਹਲੋਂ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਵੀਂ ਸੋਚ ਨਾਲ ਕਾਰਵਾਈ ਕੀਤੀ ਗਈ, ਜਿਸ ਵਿਚ ਗੱਡੀਆਂ ਵਿਚ ਸ਼ਰਾਬ ਪੀਣ ਵਾਲਿਆਂ ਨੂੰ ਸਖ਼ਤ ਸਬਕ ਸਿਖਾਉਣ ਲਈ ਡੱਡੂ ਬੈਠਕਾਂ ਲਗਵਾਈਆਂ ਗਈਆਂ | ਪੁਲਿਸ ਪ੍ਰਸ਼ਾਸਨ ਨੇ ਨਸ਼ਾ ਮੁਕਤ ਕੇਂਦਰਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਦਾਖਲ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੀ ਪੁਨਰਵਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਅਖੀਰ ਵਿਚ ਪੁਲਿਸ ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਸੰਪਰਕ ਵਿਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਜਾਂ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ ਤਾਂ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਮੀਟਿੰਗ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ |