ਸਮਾਣਾ, 27 ਅਪ੍ਰੈਲ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸਰਾਂਪੱਤੀ ਸਮਾਣਾ ਵਿਖੇ ਨਵੇਂ ਬਣੇ ਕਲਾਸ ਰੂਮ ਦਾ ਉਦਘਾਟਨ ਕਰਕੇ ਇਸ ਨੂੰ ਵਿਦਿਆਰਥੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਆਪ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਮਿੰਟੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਸੰਜੇ ਮੰਤਰੀ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਵੀ ਮੌਜੂਦ ਸਨ | ਉਨ੍ਹਾਂ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਸਕੂਲਾਂ ਦੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਨਵੇਂ 'ਕਲਾਸ ਰੂਮ' ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਅਤੇ ਸੁਖਦਾਇਕ ਵਾਤਾਵਰਣ ਮਿਲੇਗਾ, ਜਿਸ ਨਾਲ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਆਵੇਗਾ | ਉਨ੍ਹਾਂ ਦੱਸਿਆ ਕਿ ਸਿੱਖਿਆ ਖੇਤਰ ਵਿਚ ਸੁਧਾਰ ਕਰਨ ਲਈ ਹਲਕੇ ਦੇ ਸਕੂਲਾਂ ਵਿਚ ਕਰੀਬ 50 ਕਰੋੜ ਰੁਪਏ ਲਗਾ ਕੇ ਨਿੱਜੀ ਸਕੂਲਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ | ਸਕੂਲ ਦੇ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਬਹੁਤ ਲਾਭ ਮਿਲੇਗਾ | ਇਸ ਦੌਰਾਨ ਵਿਧਾਇਕ ਸ. ਜੌੜਾਮਾਜਰਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਰਗਰਮੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਸਮਾਗਮ ਵਿਚ ਸਕੂਲ ਸਟਾਫ਼, ਮੁਹੱਲੇ ਦੇ ਪਤਵੰਤਿਆਂ ਅਤੇ ਸਥਾਨਕ ਨਿਵਾਸੀਆਂ ਦੀ ਵੱਡੀ ਗਿਣਤੀ ਹਾਜ਼ਰ ਸੀ |