ਪਟਿਆਲਾ, 28 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਅੱਜ ਰਿਸ਼ੀ ਕਾਲੋਨੀ ਤੋਂ ਸ਼ਰਧਾਲੂਆਂ ਦੀ ਦੂਜੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ | ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਅਤੇ ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਾਲੋਨੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਸ਼ਰਧਾਲੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਘੁਮਾਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਸਕੀਮ ਸਦਕਾ ਉਹ ਲੋਕ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਪਾ ਰਹੇ ਹਨ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਪਹਿਲਾਂ ਨਹੀਂ ਜਾ ਸਕਦੇ ਸਨ | ਉਨ੍ਹਾਂ ਦੱਸਿਆ ਕਿ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਭੇਜੀ ਗਈ ਹੈ | ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਸਰਕਾਰ ਵਲੋਂ ਮੁਫ਼ਤ ਕੀਤਾ ਗਿਆ ਹੈ | ਇਸ ਸ਼ੁਭ ਮੌਕੇ 'ਤੇ ਨਸੀਬ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਲਾਭ ਸਿੰਘ, ਕੁਲਵੰਤ ਸਿੰਘ ਲਾਲਕਾ, ਮਲਕੀਤ ਸਿੰਘ ਅਤੇ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ | ਸ਼ਰਧਾਲੂਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ |