ਪਟਿਆਲਾ, 28 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਰਹਿਨੁਮਾਈ ਅਧੀਨ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੀ ਜਨਰਲ ਬਾਡੀ ਮੀਟਿੰਗ (ਐਡ-ਹੌਕ ਕਮੇਟੀ) ਆਮ-ਖ਼ਾਸ ਬਾਗ ਸਥਿਤ ਹੈਰੀਟੇਜ ਰਿਜੋਰਟ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ | ਇਸ ਮਹੱਤਵਪੂਰਨ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਵੱਖ-ਵੱਖ ਏਜੰਡਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਸਥਾ ਦੇ ਭਵਿੱਖੀ ਦਿਸ਼ਾ-ਨਿਰਦੇਸਾਂ 'ਤੇ ਸਹਿਮਤੀ ਬਣਾਈ ਗਈ | ਮੀਟਿੰਗ ਵਿਚ ਐਡ ਹੌਕ ਕਮੇਟੀ ਦੇ ਚੇਅਰਮੈਨ ਸੈਲੇਂਦਰ ਪਾਠਕ ਦੀ ਅਗਵਾਈ ਹੇਠ ਚੋਣ ਆਬਜ਼ਰਵਰ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਲਈ ਨਾਮ ਪੇਸ਼ ਕੀਤੇ ਗਏ | ਹਾਜ਼ਰੀਨ ਵਲੋਂ ਇਨ੍ਹਾਂ ਨਾਮਾਂ ਨੂੰ ਸਰਬਸੰਮਤੀ ਨਾਲ ਹੱਥ ਖੜੇ੍ਹ ਕਰਕੇ ਮਨਜ਼ੂਰੀ ਦਿੱਤੀ ਗਈ | ਇਸ ਚੋਣ ਪ੍ਰਕਿਰਿਆ ਦੌਰਾਨ ਉੱਘੇ ਸਮਾਜ ਸੇਵੀ ਅਤੇ ਪ੍ਰਸਿੱਧ ਉਦਯੋਗਪਤੀ ਚਰਨਜੀਤ ਸਿੰਘ ਧਾਲੀਵਾਲ ਨੂੰ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਦਰਸ਼ਨ ਸਿੰਘ ਧਾਲੀਵਾਲ ਵੀ ਸ਼ਾਮਲ ਹੋਏ | ਸ. ਧਾਲੀਵਾਲ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਾਈਕਲਿੰਗ ਖੇਡ ਨੂੰ ਪਿੰਡ ਪੱਧਰ ਤੱਕ ਫੈਲਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ | ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿਚ ਵੱਖ-ਵੱਖ ਪੱਧਰਾਂ 'ਤੇ ਮੁਕਾਬਲੇ ਆਯੋਜਿਤ ਕਰਕੇ ਨਵੇਂ ਹੁਨਰਮੰਦ ਖਿਡਾਰੀਆਂ ਨੂੰ ਅੱਗੇ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਉੱਚ ਪੱਧਰੀ ਕੋਚਿੰਗ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਟਰੇਨਿੰਗ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਉਣ ਯੋਗ ਹੋ ਸਕਣ | ਇਸ ਦੇ ਨਾਲ ਹੀ ਸਾਈਕਲਿੰਗ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ ਨੂੰ ਮਿਲੀ | ਇਸ ਅਹਿਮ ਜ਼ਿੰਮੇਵਾਰੀ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਨੂੰ ਤਨਦੇਹੀ, ਇਮਾਨਦਾਰੀ ਅਤੇ ਦਿ੍ੜ੍ਹ ਇਰਾਦੇ ਨਾਲ ਨਿਭਾਉਂਦੇ ਹੋਏ ਫੈਡਰੇਸ਼ਨ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਲਗਾਤਾਰ ਯਤਨਸ਼ੀਲ ਰਹਿਣਗੇ | ਇਸ ਮੌਕੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸੈਕਟਰੀ ਮਨਿੰਦਰਪਾਲ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |