ਪਟਿਆਲਾ, 28 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਅਧੀਨ ਕਾਰਜਸ਼ੀਲ ਖੁਦਮੁਖਤਿਆਰ ਸੰਸਥਾ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਨਾਲ਼ ਇਕਰਾਰਨਾਮਾ ਕੀਤਾ ਗਿਆ ਹੈ | ਇਸ ਇਕਰਾਰਨਾਮੇ ਨੂੰ ਰਸਮੀ ਰੂਪ ਦੇਣ ਹਿਤ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਇਸ ਇਕਰਾਰਨਾਮੇ ਦਾ ਮੁੱਖ ਉਦੇਸ਼ ਦੋਹਾਂ ਅਦਾਰਿਆਂ ਦਰਮਿਆਨ ਸਥਾਈ ਸਹਿਯੋਗੀ ਢਾਂਚਾ ਸਥਾਪਤ ਕਰਨਾ ਅਤੇ ਦੋਹਾਂ ਅਦਾਰਿਆਂ ਦੀਆਂ ਵੱਖ-ਵੱਖ ਮੁਹਾਰਤਾਂ ਨੂੰ ਇੱਕ ਮੰਚ 'ਤੇ ਇਕੱਠਿਆਂ ਕਰਨਾ ਹੈ | ਉਨ੍ਹਾਂ ਕਿਹਾ ਕਿ ਦੋਹੇਂ ਸੰਸਥਾਵਾਂ ਦੀਆਂ ਆਪੋ ਆਪਣੇ ਖੇਤਰ ਵਿੱਚ ਵੱਖ-ਵੱਖ ਮੁਹਾਰਤਾਂ ਤੇ ਵਿਲੱਖਣਤਾਵਾਂ ਹਨ | ਇਹ ਭਾਈਵਾਲੀ ਦੋਵਾਂ ਸੰਸਥਾਵਾਂ ਦੀਆਂ ਵੱਖ-ਵੱਖ ਸਮਰੱਥਾਵਾਂ ਨੂੰ ਇੱਕ ਮੰਚ 'ਤੇ ਲਿਆਵੇਗੀ | ਉਨ੍ਹਾਂ ਕਿਹਾ ਕਿ ਬਿਹਤਰ ਨਤੀਜਿਆਂ ਦੀ ਪ੍ਰਾਪਤੀ ਅਤੇ ਸਮਾਜ ਦੀ ਬੇਹਤਰੀ ਲਈ ਵੱਖ-ਵੱਖ ਜਨਤਕ ਅਦਾਰਿਆਂ ਦਾ ਆਪਸ ਵਿੱਚ ਮੇਲ-ਜੋਲ ਬਣਾ ਕੇ ਚੱਲਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਦੋਵੇਂ ਸੰਸਥਾਵਾਂ ਮਿਲ ਕੇ ਜਨਤਕ ਨੀਤੀਆਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਖੋਜ ਕਾਰਜ ਕਰ ਸਕਣਗੀਆਂ | ਇਕਰਾਰਨਾਮੇ ਤਹਿਤ ਲਾਇਬ੍ਰੇਰੀਆਂ, ਡਾਟਾਬੇਸ ਅਤੇ ਹੋਰ ਤਕਨੀਕੀ ਸਹੂਲਤਾਂ ਦੀ ਵਰਤੋਂ ਦੋਵੇਂ ਅਦਾਰੇ ਸਾਂਝੇ ਤੌਰ 'ਤੇ ਕਰ ਸਕਣਗੇ | ਸਮੇਂ-ਸਮੇਂ 'ਤੇ ਸਾਂਝੇ ਤੌਰ 'ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਕਾਨਫਰੰਸਾਂ ਕਰਵਾਈਆਂ ਜਾਣਗੀਆਂ ਤਾਂ ਜੋ ਪ੍ਰਸ਼ਾਸਨਿਕ ਕੰਮਕਾਜ ਵਿੱਚ ਨਵੀਨਤਾ ਲਿਆਂਦੀ ਜਾ ਸਕੇ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਸਮੇਤ ਦੋਵਾਂ ਸੰਸਥਾਵਾਂ ਦੇ ਉੱਚ ਅਧਿਕਾਰੀ ਹਾਜ਼ਰ ਰਹੇ |