ਘਨੌਰ, 28 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਪੰਜਾਬ ਅੰਦਰ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ (ਗਗਰੌਲੀ) ਨੇ ਸੂਬਾ ਸਰਕਾਰ ਵਿਰੁੱਧ ਤਿੱਖਾ ਹਮਲਾ ਬੋਲਿਆ ਹੈ | ਅੱਜ ਇੱਥੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਬਾਕੀ ਨਹੀਂ ਰਹਿ ਗਈ ਅਤੇ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕੱਲ੍ਹ ਬਠੌਣੀਆ ਨੇੜੇ ਵਾਪਰੇ ਹਾਦਸੇ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾ ਸਰਕਾਰ ਦੀ ਘੋਰ ਲਾਪਰਵਾਹੀ ਦਾ ਸਿੱਧਾ ਸਬੂਤ ਹੈ | ਗੰਗਰੋਲੀ ਨੇ ਕਿਹਾ ਪ੍ਰਮਾਤਮਾ ਦੀ ਕਿ੍ਪਾ ਨਾਲ ਕੋਈ ਵੱਡਾ ਜਾਨੀ ਨੁਕਸਾਨ ਹੋਣੋਂ ਬਚ ਗਿਆ ਪਰ ਅਜਿਹੀਆਂ ਘਟਨਾਵਾਂ ਪ੍ਰਸਾਸ਼ਨਿਕ ਨਾਕਾਮੀ ਨੂੰ ਬੇਨਕਾਬ ਕਰਦੀਆਂ ਹਨ | ਗੰਗਰੋਲੀ ਨੇ ਅੱਗੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਿਰਫ ਕਾਗ਼ਜ਼ੀ ਦਾਅਵਿਆਂ ਤੱਕ ਸੀਮਤ ਹੈ, ਜਦਕਿ ਜ਼ਮੀਨੀ ਪੱਧਰ 'ਤੇ ਅਪਰਾਧੀਆਂ ਅੰਦਰ ਪੁਲਿਸ ਦਾ ਕੋਈ ਡਰ ਨਹੀਂ ਰਿਹਾ | ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕਾਨੂੰਨ ਵਿਵਸਥਾ ਵਿਚ ਸੁਧਾਰ ਨਾ ਲਿਆਂਦਾ, ਤਾਂ ਉਨ੍ਹਾਂ ਨੂੰ ਮਜਬੂਰਨ ਜਨਤਾ ਦੇ ਹਿਤਾਂ ਲਈ ਸੜਕਾਂ 'ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਣਾ ਪਵੇਗਾ |