ਪਟਿਆਲਾ, 2 ਮਈ (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਕੀਤੀ ਗਈ | ਬੈਠਕ ਦੌਰਾਨ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ ਸੰਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਸ਼ੂਆਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਲੋਕਾਂ ਨੂੰ ਐਸ.ਪੀ.ਸੀ.ਏ. (ਸੋਸਾਇਟੀ ਫਾਰ ਪਿ੍ਵੈਂਨਸ਼ਨ ਆਫ ਕਰੂਏਲਟੀ ਟੁ ਐਨੀਮਲਜ਼) ਦੇ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਗਊਸ਼ਾਲਾਵਾਂ ਵਿਚ ਰਹਿੰਦੇ ਪਸ਼ੂਆਂ ਲਈ ਸਾਫ਼-ਸੁਥਰਾ ਵਾਤਾਵਰਣ, ਪੀਣ ਵਾਲਾ ਸਾਫ ਪਾਣੀ, ਹਰਾ ਚਾਰਾ ਅਤੇ ਸਮੇਂ-ਸਿਰ ਦਵਾਈਆਂ ਉਪਲੱਬਧ ਕਰਵਾਈਆਂ ਜਾ ਸਕਣ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਵੀ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸੰਭਾਲ ਬਿਹਤਰ ਢੰਗ ਨਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਸਰਕਾਰੀ ਗਊਸ਼ਾਲਾ ਤੱਕ ਪਹੁੰਚਾਇਆ ਜਾਵੇਗਾ | ਡਾ. ਹਿਮਾਂਸ਼ੂ ਅਗਰਵਾਲ ਨੇ ਸਖਤ ਰੁਖ ਅਪਣਾਉਂਦਿਆਂ ਕਿਹਾ ਕਿ ਸੜਕਾਂ 'ਤੇ ਬੇਸਹਾਰਾ ਪਸ਼ੂ ਨਹੀਂ ਦਿਖਣੇ ਚਾਹੀਦੇ | ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਹੋ ਰਹੀ ਪ੍ਰਗਤੀ ਦੀ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਵਾਈ ਜਾਵੇ | ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਪਸ਼ੂਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਸਰਕਾਰ ਦਾ ਸਾਥ ਦੇਣ ਅਤੇ ਇਸ ਮਹੱਤਵਪੂਰਨ ਕੰਮ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਪਸ਼ੂ ਪਾਲਣ ਵਿਭਾਗ ਤੋਂ ਸਹਾਇਕ ਡਾਇਰੈਕਟਰ ਸੋਨਿੰਦਰ ਕੌਰ, ਸਹਾਇਕ ਡਾਇਰੈਕਟਰ ਰਾਜਨੀਕ ਭੌਰਾ ਸਮੇਤ ਹੋਰ ਅਧਿਕਾਰੀ ਜਿਵੇਂ ਦੀਪਇੰਦਰ ਸਿੰਘ, ਜਤਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਗਪ੍ਰੀਤ ਸਿੰਘ ਵੀ ਮੌਜੂਦ ਸਨ¢