ਪਟਿਆਲਾ, 2 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਯੂਨੀਵਰਸਿਟੀ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਦੁਨੀਆਂ ਭਰ ਵਿਚ ਪੰਜਾਬੀਅਤ ਦੀ ਮਹਿਕ ਬਿਖੇਰੀ ਹੈ | ਸਾਡੀ ਇਹ ਮਾਣਮੱਤੀ ਸੰਸਥਾ ਸਾਡੇ ਸਭ ਲਈ ਮਾਂ ਵਰਗਾ ਦਰਜਾ ਰੱਖਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿਰਫ ਇਕ ਰਵਾਇਤੀ ਕਿਸਮ ਦਾ ਵਿੱਦਿਅਕ ਅਦਾਰਾ ਹੀ ਨਹੀਂ, ਸਗੋਂ ਪੰਜਾਬੀ ਭਾਸ਼ਾ, ਕਲਾ ਅਤੇ ਸਭਿਆਚਾਰ ਦਾ ਇਕ ਅਜਿਹਾ ਧੁਰਾ ਹੈ ਜਿਸ ਨੇ ਪਿਛਲੇ ਛੇ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਆਪਣੀ ਇਕ ਵਿਲੱਖਣ ਪਛਾਣ ਬਣਾਈ ਹੈ | ਉਨ੍ਹਾਂ ਨੇ ਯੂਨੀਵਰਸਿਟੀ ਦੇ ਸਫ਼ਰ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਨੇ ਵਿਸ਼ਵ ਭਰ ਵਿਚ ਫੈਲੇ ਪੰਜਾਬੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਈ ਹੈ | ਉਨ੍ਹਾਂ ਪਿਛਲੇ ਇਕ ਸਾਲ ਦੌਰਾਨ ਯੂਨੀਵਰਸਿਟੀ ਵਿਚ ਹੋਈਆਂ ਵੱਖ-ਵੱਖ ਗਤੀਵਿਧੀਆਂ ਅਤੇ ਉਪਲਬਧੀਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੋਜ ਦੇ ਖੇਤਰ 'ਚ ਨਵੀਆਂ ਪੁਲਾਂਘਾਂ ਪੁੱਟਣ ਤਾਂ ਜੋ ਯੂਨੀਵਰਸਿਟੀ ਦਾ ਨਾਮ ਕੌਮਾਂਤਰੀ ਪੱਧਰ 'ਤੇ ਹੋਰ ਰੌਸ਼ਨ ਹੋ ਸਕੇ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਮਾਣਮੱਤੀ ਸੰਸਥਾ ਦੇ ਰੁਤਬੇ ਨੂੰ ਬਰਕਰਾਰ ਰੱਖਿਆ ਜਾਵੇਗਾ | ਸਥਾਪਨਾ ਦਿਵਸ ਭਾਸ਼ਣ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਵਲੋਂ ਦਿੱਤਾ ਗਿਆ | ਡਾ. ਸਤਿਬੀਰ ਸਿੰਘ ਗੋਸਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਆਪਸੀ ਅਕਾਦਮਿਕ ਸਾਂਝਾਂ ਦੇ ਹਵਾਲੇ ਨਾਲ ਆਪਣੀ ਗੱਲ ਰੱਖੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹੇਂ ਯੂਨੀਵਰਸਿਟੀਆਂ ਦੀ ਵਿਲੱਖਣਤਾ ਇਹ ਹੈ ਕਿ ਇਹ ਸਿੱਧੇ ਤੌਰ 'ਤੇ ਪੇਂਡੂ ਅਵਾਮ ਨਾਲ ਜੁੜੀਆਂ ਸੰਸਥਾਵਾਂ ਹਨ | ਡਾ. ਨਰਿੰਦਰ ਸਿੰਘ ਕਪੂਰ ਨੇ ਇਸ ਮੌਕੇ ਦਿੱਤੇ ਗਏ ਭਾਵਪੂਰਤ ਭਾਸ਼ਣ ਦੌਰਾਨ ਕਿਹਾ ਕਿ ਕਿਸੇ ਸਮੇਂ ਪੰਜਾਬ ਦੇ ਮਾਲਵਾ ਖ਼ਿੱਤੇ ਨੂੰ ਪਛੜਿਆ ਹੋਇਆ ਇਲਾਕਾ ਸਮਝਿਆ ਜਾਂਦਾ ਸੀ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਮਾਲਵਾ ਖੇਤਰ ਦੇ ਪੱਛੜੇਪਣ ਨੂੰ ਦੂਰ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਇਸ ਗੱਲ 'ਤੇ ਸਦਾ ਮਾਣ ਕਰਦੇ ਹਨ ਕਿ ਉਹ ਪੰਜਾਬੀ ਯੂਨੀਵਰਸਿਟੀ ਦੀ ਸ਼ੁਰੂਆਤ ਸਮੇਂ ਦੇ ਦੂਜੇ ਬੈਚ ਦੇ ਵਿਦਿਆਰਥੀ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਯੂਨੀਵਰਸਿਟੀ ਦਾ ਅਸਲ ਕਾਰਜ ਨਵੇਂ ਵਿਚਾਰ ਪੈਦਾ ਕਰਨਾ, ਨਵੇਂ ਸਮਾਜਿਕ ਆਗੂ ਪੈਦਾ ਕਰਨਾ ਅਤੇ ਸਮਾਜ ਵਿਚ ਆਉਣ ਵਾਲੀਆਂ ਨਵੇਂ ਯੁੱਗ ਦੀਆਂ ਸਕਾਰਾਤਮਿਕ ਤਬਦੀਲੀਆਂ ਲਈ ਰਾਹ ਪੱਧਰਾ ਕਰਨਾ ਹੁੰਦਾ ਹੈ, ਪੰਜਾਬੀ ਯੂਨੀਵਰਸਿਟੀ ਨੇ ਇਹ ਕਾਰਜ ਬਾਖ਼ੂਬੀ ਕੀਤਾ ਹੈ | ਡਾ. ਕਪੂਰ ਨੇ ਕਿਹਾ ਕਿ ਹੁਣ ਜਦੋਂ ਵਿਸ਼ਵੀਕਰਨ ਦਾ ਦੌਰ ਹੈ ਤਾਂ ਸੰਸਾਰ ਦੇ ਕਿਸੇ ਵੀ ਹਿੱਸੇ ਵਿਚ ਸਥਿਤ ਹੋਰ ਗਲੋਬਲ ਪੱਧਰ ਦੀਆਂ ਯੂਨੀਵਰਸਿਟੀਆਂ ਅੱਜ ਸਾਡੇ ਮੁਕਾਬਲੇ ਵਿਚ ਹਨ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਪਹਿਲੇ ਬੈਚ ਦੇ ਵਿਦਿਆਰਥੀ ਡਾ. ਤਰਲੋਕ ਸਿੰਘ ਅਨੰਦ, ਜੀਵ ਵਿਗਿਆਨ ਵਿਭਾਗ ਦੇ ਪਹਿਲੇ ਪੀ-ਐੱਚ.ਡੀ. ਵਿਦਿਆਰਥੀ ਡਾ. ਮਲਕੀਤ ਸਿੰਘ ਸੈਣੀ ਅਤੇ ਹਾਲ ਹੀ ਵਿਚ ਨੇਪਾਲ ਦੀ ਐਮਾ ਡੈਬਲਮ ਚੋਟੀ ਨੂੰ ਸਰ ਕਰਦਿਆਂ ਪਹਿਲੀ ਪੰਜਾਬੀ ਮਹਿਲਾ ਦਾ ਮਾਣ ਹਾਸਿਲ ਕਰਨ ਵਾਲੀ ਸੁੱਖੀ ਬੱਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦਾ ਸਵਾਗਤੀ ਭਾਸ਼ਣ ਰਜਿਸਟਰਾਰ ਡਾ. ਦਵਿੰਦਰ ਪਾਲ ਸਿੰਘ ਸਿੱਧੂ ਨੇ ਦਿੱਤਾ ਜਦੋਂ ਕਿ ਧੰਨਵਾਦੀ ਸ਼ਬਦ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕਹੇ | ਸਮਾਗਮ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਧਿਆਪਕਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਯੂਨੀਵਰਸਿਟੀ ਦੇ ਬਹੁਤ ਸਾਰੇ ਸਾਬਕਾ ਅਧਿਆਪਕ ਵੀ ਇਸ ਸਮਾਗਮ ਵਿਚ ਹਾਜ਼ਰ ਰਹੇ |