ਪਟਿਆਲਾ, 4 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਪਟਿਆਲਾ ਦੇ ਸਫਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨਾਲ ਵਿਸਥਾਰਪੂਰਵਕ ਬੈਠਕ ਕੀਤੀ | ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਏ.ਡੀ.ਸੀ. (ਸਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਸਫਾਈ ਕਰਮਚਾਰੀਆਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਈਆਂ ਜਾਣ ਅਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਭਗਤ ਗੁਰਾਦਾਸ ਹੰਸ ਕਮੇਟੀ ਦੀਆਂ ਸਿਫਾਰਸਾਂ ਅਨੁਸਾਰ ਤਰੱਕੀਆਂ ਦੇਣ 'ਤੇ ਵੀ ਜੋਰ ਦਿੱਤਾ | ਇਸਦੇ ਨਾਲ ਹੀ ਉਨ੍ਹਾਂ ਨੇ ਵਾਰਡ ਵਾਰ ਮੇਟ ਅਤੇ ਸੈਨਟਰੀ ਦਰੋਗਾ ਦੀਆਂ ਅਸਾਮੀਆਂ ਸੰਬੰਧੀ ਵੀ ਸਮੀਖਿਆ ਕੀਤੀ | ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਬਕਾਇਆ ਫੰਡਾਂ ਦੀ ਅਦਾਇਗੀ ਅਤੇ ਸਫਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਮਾਮਲਿਆਂ ਦਾ ਵੀ ਜਾਇਜਾ ਲਿਆ | ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੱਤੀ ਕਿ ਕਰਮਚਾਰੀਆਂ ਦੇ ਲਗਭਗ 11 ਕਰੋੜ ਰੁਪਏ ਬਕਾਇਆ ਅਦਾ ਕਰ ਦਿੱਤੇ ਗਏ ਹਨ | ਨਗਰ ਨਿਗਮ ਕਮਿਸਨਰ ਪਰਮਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਚੇਅਰਮੈਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ |