ਪਟਿਆਲਾ, 5 ਮਈ (ਧਰਮਿੰਦਰ ਸਿੰਘ ਸਿੱਧੂ)-ਪੀ.ਡਬਲਿਊ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਪੱਕੇ ਕਰਮਚਾਰੀਆਂ, ਆਊਟ ਸੋਰਸ ਕਰਮਚਾਰੀਆਂ ਸੰਬੰਧੀ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਭਾ ਰੋਡ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਖੋਖਰ, ਰਾਜਪਾਲ ਸਿੰਘ ਲਸੋਈ ਅਤੇ ਧਰਮਪਾਲ ਸਿੰਘ ਲੋਹਟ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ 7 ਮਈ ਨੂੰ ਚੰਡੀਗੜ੍ਹ ਵਿਖੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਪੰਜਾਬ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਪੂਰੇ ਪੰਜਾਬ ਤੋਂ ਕਰਮਚਾਰੀ ਧਰਨੇ ਵਿਚ ਸ਼ਾਮਲ ਹੋਣਗੇ | ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਅੰਦਰ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀਆਂ ਨੂੰ ਪੈਨਸ਼ਨਾਂ ਨਹੀਂ ਦਿੱਤੀ ਜਾ ਰਹੀਆਂ, ਜਦੋਂ ਕਿ ਹੋਰ ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਖ-ਵੱਖ ਵਿੰਗਾਂ ਅੰਦਰ ਪੈਨਸ਼ਨ ਦਿੱਤੀ ਜਾ ਰਹੀ ਹੈ | ਇਸ ਦੇ ਸੰਬੰਧ ਵਿਚ ਪੰਜਾਬ ਸਰਕਾਰ ਵਲੋਂ ਪਹਿਲਾ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਕਿ ਵਿਭਾਗ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਆਪਣੇ ਪੱਧਰ 'ਤੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਵਿਚ ਏਜੰਡਾ ਪਾਸ ਕਰਕੇ ਪੈਨਸ਼ਨ ਦੇਣ ਸੰਬੰਧੀ ਸਹਿਮਤੀ ਪ੍ਰਗਟਾਈ ਗਈ ਸੀ ਪਰ ਸਥਾਨਕ ਸਰਕਾਰਾਂ ਵਿਭਾਗ ਵਲੋਂ ਵਾਰ-ਵਾਰ ਇਤਰਾਜ਼ ਲਾ ਕਿ ਕੇਸ ਨੂੰ ਵਾਪਸ ਮੋੜਿਆ ਜਾ ਰਿਹਾ ਹੈ | ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਨਾਲ ਤਿੰਨ ਵਾਰ ਜਥੇਬੰਦੀ ਦੀਆਂ ਮੀਟਿੰਗਾਂ ਵਿਚ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਵੀ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਅਤੇ ਸਥਾਨਕ ਸਰਕਾਰ ਵਿਭਾਗ ਵਲੋਂ ਪੈਨਸ਼ਨ ਦੇਣ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਇਸ ਮੌਕੇ ਖ਼ਜ਼ਾਨਚੀ ਦੀਪਕ ਕੁਮਾਰ, ਵਿਜੈ ਕੁਮਾਰ, ਲਖਵਿੰਦਰ ਸਿੰਘ, ਗੁਰਚਰਨ ਸਿੰਘ ਧਨੋਆ, ਜਸਵਿੰਦਰ ਸਿੰਘ, ਜੀਤ ਬਹਾਦਰ, ਜਸਬੀਰ ਪੰਜੋਲਾਂ, ਮਲਕੀਤ ਸਿੰਘ, ਸੁਖਬੀਰ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਹਾਕਮ ਸਿੰਘ, ਰਾਮ ਅਧਾਰ, ਸ਼ੇਰ ਬਹਾਦਰ, ਕੁਲਦੀਪ ਵਰਮਾ, ਜਤਿੰਦਰ ਕੁਮਾਰ, ਤਾਰਾ ਸਿੰਘ ਆਦਿ ਸ਼ਾਮਿਲ ਸਨ |