ਪਾਤੜਾਂ, 5 ਜੂਨ (ਜਗਦੀਸ਼ ਸਿੰਘ ਕੰਬੋਜ)-ਸ਼ਹਿਰ ਵਿਚ ਲਗਾਤਾਰ ਚੋਰੀਆਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਬੀਤੀ ਰਾਤ ਚੋਰਾਂ ਨੇ ਇਕ ਹੋਰ ਵੱਡੀ ਘਟਨਾ ਨੂੰ ਅੰਜ਼ਾਮ ਦਿੰਦਿਆਂ ਮੋਬਾਈਲਾਂ ਦੀਆਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੇ ਮੋਬਾਈਲ ਚੋਰੀ ਕਰ ਲਏ | ਚੋਰਾਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਹਨ | ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਦੁਕਾਨਦਾਰਾਂ ਨੇ ਭਾਰੀ ਰੋਸ ਜ਼ਾਹਿਰ ਕਰਦਿਆਂ ਪੁਲਿਸ ਨੂੰ 2 ਦਿਨਾਂ ਵਿਚ ਚੋਰਾਂ ਨੂੰ ਕਾਬੂ ਕਰਕੇ ਚੋਰੀ ਕੀਤਾ ਸਮਾਨ ਬਰਾਮਦ ਕਰਵਾਉਣ ਦਾ ਅਲਟੀਮੇਟਮ ਦਿੱਤਾ ਹੈ ਜਦੋਂ ਕਿ ਪੁਲਿਸ ਵਲੋਂ ਚੋਰਾਂ ਨੂੰ ਛੇਤੀ ਹੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸਿੱਧ ਸਮਾਜਸੇਵੀ ਵਿਜੇ ਪਤਲੀ ਦੇ ਪੁੱਤਰ ਦੀਪੂ ਸਿੰਗਲਾ ਦੀ ਦੁਕਾਨ ਰਾਧੇ ਕਿ੍ਸ਼ਨਾ ਮੋਬਾਈਲ ਗੈਲਰੀ ਵਿਚ ਚੋਰਾਂ ਨੇ ਮਹਿੰਗੇ ਮੋਬਾਈਲ ਚੋਰੀ ਕਰ ਲਏ ਜਿਨ੍ਹਾਂ ਦੀ ਕੀਮਤ ਦੁਕਾਨ ਮਾਲਕ ਵਲੋਂ ਲੱਖਾਂ ਰੁਪਏ ਦੱਸੀ ਜਾ ਰਹੀ ਹੈ | ਇਸ ਤੋਂ ਇਲਾਵਾ ਮੁਨੀਸ਼ ਕੁਮਾਰ ਦੀ ਸ਼ਿਵ ਕਮਿਊਨੀਕੇਸ਼ਨ ਮੋਬਾਈਲ ਸ਼ਾਪ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜਿੱਥੋਂ ਕਰੀਬ 60 ਹਜ਼ਾਰ ਰੁਪਏ ਦੇ ਮੋਬਾਈਲ ਚੋਰੀ ਹੋਏ ਹਨ | ਦੱਸਿਆ ਜਾ ਰਿਹਾ ਹੈ ਕਿ ਚੋਰ ਰਾਤ ਦੇ ਸਮੇਂ ਦੁਕਾਨਾਂ ਦੇ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ | ਪੂਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ, ਜਿਸ ਵਿਚ ਦੋ ਸ਼ੱਕੀ ਦੋਸ਼ੀ ਸਾਫ਼ ਦਿਖਾਈ ਦੇ ਰਹੇ ਹਨ | ਸੂਚਨਾ ਮਿਲਣ 'ਤੇ ਸਿਟੀ ਪੁਲਿਸ ਇੰਚਾਰਜ ਗੁਰਪ੍ਰਤਾਪ ਸਿੰਘ ਮੌਕੇ 'ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਆਪਣੇ ਕਬਜ਼ੇ ਵਿਚ ਲੈ ਕੇ ਦੋਸ਼ੀਆਂ ਦੀ ਪਹਿਚਾਣ ਸ਼ੁਰੂ ਕਰ ਦਿੱਤੀ ਹੈ | ਗੁਰਪ੍ਰਤਾਪ ਸਿੰਘ ਨੇ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਲਈ ਪੁਲਿਸ ਟੀਮਾਂ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ | ਘਟਨਾ ਦੀ ਜਾਣਕਾਰੀ ਮਿਲਣ 'ਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਲਾਲ ਚੰਦ ਲਾਲੀ ਮੌਕੇ 'ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ | ਦੂਜੇ ਪਾਸੇ, ਮੋਬਾਈਲ ਦੁਕਾਨਦਾਰਾਂ ਵਿਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਮੋਬਾਈਲ ਐਸੋਸੀਏਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ ਦੋ ਦਿਨ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਈ ਤਾਂ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ ਬੰਦ ਕਰ ਕੇ ਭਗਤ ਸਿੰਘ ਚੌਂਕ ਵਿਚ ਧਰਨਾ ਪ੍ਰਦਰਸ਼ਨ ਕਰਨਗੇ |