ਬਨੂੜ, 6 ਮਈ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਦੇ ਕੱਚੇ ਸਫ਼ਾਈ ਮਜ਼ਦੂਰਾਂ ਵਲੋਂ ਦਫ਼ਤਰ 'ਚ ਧਰਨਾ ਲਗਾ ਕੇ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ | ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਕਰਮਚਾਰੀ ਦੇ ਪ੍ਰਧਾਨ ਰੋਹਿਤ ਕੁਮਾਰ, ਰਜੇਸ਼ ਖੰਨਾ, ਦੀਪਕ ਕੁਮਾਰ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਕੱਚੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੂਬੇ ਭਰ ਦੀਆਂ ਨਗਰ ਕੌਂਸਲਾਂ ਦੇ ਮਜ਼ਦੂਰਾਂ ਵਲੋਂ ਅੱਜ ਤੋਂ ਰਾਜ ਵਿਆਪੀ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਹੜਤਾਲ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਬੀਤੇ ਦਿਨੀਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਮੰਗਾਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਸੌਂਪਿਆ ਗਿਆ ਸੀ | ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਆਊਟਸੋਰਸ ਅਤੇ ਠੇਕਾ ਪ੍ਰਣਾਲੀ ਨੂੰ ਬੰਦ ਕਰਕੇ ਡਾਟਾ ਐਂਟਰੀ ਪ੍ਰਣਾਲੀ ਤਹਿਤ ਰੈਗੂਲਰ ਮੁਲਾਜ਼ਮ ਭਰਤੀ ਕਰਨ, ਸ਼ਹਿਰ ਦੀਆਂ ਸੀਟਾਂ ਅਨੁਸਾਰ ਮੁਲਾਜ਼ਮ ਭਰਤੀ ਕੀਤੇ ਜਾਣ, ਪੱਕਾ ਕਰਨ, ਤਨਖ਼ਾਹ ਸਮੇਂ ਸਿਰ ਦਿੱਤੀ ਜਾਵੇ, ਕੌਂਸਲ ਕਾਮਿਆਂ ਦੀ ਤਨਖ਼ਾਹ ਸੂਬਾ ਸਰਕਾਰ ਦੇ ਖਾਤੇ 'ਚੋਂ ਦਿੱਤੀ ਜਾਵੇ, ਕੌਂਸਲ ਮੁਲਾਜ਼ਮਾਂ ਨੂੰ ਪਾਣੀ ਅਤੇ ਸੀਵਰੇਜ ਦੇ ਬਿੱਲ ਮੁਆਫ਼ ਕੀਤੇ ਜਾਣ ਤੋਂ ਇਲਾਵਾ ਹੋਰ ਮੰਗਾਂ ਪੂਰੀਆਂ ਕਰਨ ਲਈ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਹ ਹੜਤਾਲ ਜਾਰੀ ਰਹੇਗੀ | ਇਸ ਮੌਕੇ ਸਫ਼ਾਈ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੀਰ ਚੰਦ, ਮੁਕੇਸ਼ ਕੁਮਾਰ, ਜਸਪਾਲ, ਰਾਜੂ, ਵਿੱਕੀ, ਲੱਕੀ, ਬਿੱਲੂ, ਰੋਹਿਤ ਕੁਮਾਰ ਆਦਿ ਹਾਜ਼ਰ ਸਨ |