ਪਟਿਆਲਾ, 13 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ. ਐਸ. ਪੀ. ਸੀ. ਐਲ.) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਿਲ ਹਨ | ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ | ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ 'ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ | ਮੀਟਿੰਗ ਦੌਰਾਨ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡਾ. ਇੰਦਰਪਾਲ ਸਿੰਘ, ਡਾਇਰੈਕਟਰ ਫਾਇਨੈਂਸ ਐੱਸ.ਕੇ. ਬੇਰੀ ਅਤੇ ਡਾਇਰੈਕਟਰ ਕਮਰਸ਼ੀਅਲ ਇੰਜੀ. ਹਰਸ਼ਰਨ ਕੌਰ ਤ੍ਰੇਹਨ ਤੇ ਟਰਾਂਸਕੋ ਦੇ ਡਾਇਰੈਕਟਰ ਤਕਨੀਕੀ ਸੰਜੀਵ ਸੂਦ ਤੇ ਡਾਇਰੈਕਟਰ ਵਿੱਤ ਵਿਨੋਦ ਕੁਮਾਰ ਸਮੇਤ ਪੰਜਾਬ ਰਾਜ ਬਿਜਲੀ ਨਿਗਮ ਇੰਜੀਨੀਅਰ ਐਸੋਸੀਏਸ਼ਨ ਨੇ ਵੀ ਸਵਾਗਤ ਕੀਤਾ |