ਦੇਵੀਗੜ੍ਹ, 13 ਮਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਵਿੱਢੀ ਵਿਕਾਸ ਮੁਹਿੰਮ ਤਹਿਤ ਹਲਕਾ ਸਨੌਰ ਵਿਚ ਸਰਵਪੱਖੀ ਵਿਕਾਸ ਪੂਰੀ ਰਫ਼ਤਾਰ ਨਾਲ ਜਾਰੀ ਹੈ | ਇਸੇ ਲੜੀ ਤਹਿਤ ਅੱਜ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੱਖਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਪ੍ਰੋਜੈਕਟਾਂ ਦੇ ਉਦਘਾਟਨ ਕਰਕੇ ਉਨ੍ਹਾਂ ਨੂੰ ਜਨਤਾ ਦੇ ਨਾਮ ਸਮਰਪਿਤ ਕੀਤਾ ਗਿਆ | ਰਣਜੋਧ ਸਿੰਘ ਹਡਾਣਾ ਨੇ ਪਿੰਡ ਚਿੜਵੀ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਰਕਾਰੀ ਸਕੂਲ ਦੀ ਨਵੀਂ ਅਤੇ ਸ਼ਾਨਦਾਰ ਬਿਲਡਿੰਗ ਦਾ ਉਦਘਾਟਨ ਕੀਤਾ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ | ਹੁਣ ਸਾਡੇ ਸਰਕਾਰੀ ਸਕੂਲ ਕਿਸੇ ਵੀ ਨਿੱਜੀ ਸਕੂਲ ਨਾਲੋਂ ਘੱਟ ਨਹੀਂ ਹੋਣਗੇ | ਇਸ ਉਪਰੰਤ ਉਨ੍ਹਾਂ ਪਿੰਡ ਤਾਜਲਪੁਰ ਦਾ ਦੌਰਾ ਕੀਤਾ, ਜਿੱਥੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿਚ ਲਗਾਈਆਂ ਗਈਆਂ ਇੰਟਰਲੋਕ ਟਾਈਲਾਂ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਕੋਈ ਵੀ ਕੋਨਾ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ | ਹਲਕਾ ਨਿਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਜੋ ਹਲਕਾ ਪਛੜਿਆ ਰਿਹਾ ਸੀ, ਅੱਜ ਉੱਥੇ ਵਿਕਾਸ ਦੀ ਹਨੇਰੀ ਚੱਲ ਰਹੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਸ਼ਹਿਰੀ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਲੰਟੀਅਰ ਹਾਜ਼ਰ ਸਨ | ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |