ਘਨੌਰ, 13 ਮਈ ( ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹੈਰੀ ਮੁਖਮੈਲਪੁਰ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਇਤਿਹਾਸਕ ਕਦਮ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਦਾ ਸਿੱਧਾ ਫਾਇਦਾ ਅੱਜ ਹਰ ਵਰਗ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਹੈਰੀ ਮੁਖਮੈਲਪੁਰ ਨੇ ਬਿਜਲੀ ਸੰਬੰਧੀ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੇ ਘਰਾਂ ਦਾ ਬਜਟ ਸੁਧਾਰ ਦਿੱਤਾ ਹੈ | ਅੱਜ ਪੰਜਾਬ ਦੇ ਲਗਭਗ 90 ਫ਼ੀਸਦੀ ਘਰਾਂ ਦਾ ਬਿਜਲੀ ਦਾ ਬਿੱਲ 'ਜ਼ੀਰੋ' ਆ ਰਿਹਾ ਹੈ, ਜੋ ਕਿ ਇਕ ਵੱਡੀ ਪ੍ਰਾਪਤੀ ਹੈ | ਸਿਹਤ ਸਹੂਲਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ | ਇਸ ਤੋਂ ਇਲਾਵਾ, ਹਾਲ ਹੀ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਦਾ ਐਲਾਨ ਸਿਹਤ ਕ੍ਰਾਂਤੀ ਦੀ ਦਿਸ਼ਾ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ | ਸਿੱਖਿਆ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਬੋਲਦਿਆਂ ਹੈਰੀ ਮੁਖਮੈਲਪੁਰ ਨੇ ਕਿਹਾ ਕਿ ਸਰਕਾਰ ਵਲੋਂ ਸਕੂਲ ਆਫ ਐਮੀਨੈਂਸ ਰਾਹੀਂ ਗਰੀਬ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨਾਲ ਪੰਜਾਬ ਦਾ ਸਰਮਾਇਆ ਬਾਹਰ ਜਾਣੋ ਰੁਕਿਆ ਹੈ | ਇਸ ਮੌਕੇ ਉਨ੍ਹਾਂ ਮਹਿਲਾਵਾਂ ਲਈ ਸ਼ੁਰੂ ਕੀਤੀਆਂ ਗਈਆਂ ਵਿੱਤੀ ਸਹਾਇਤਾ ਸਕੀਮਾਂ ਦਾ ਵੀ ਜ਼ਿਕਰ ਕੀਤਾ ਅਤੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਹੋਰ ਵੀ ਕਈ ਨਵੇਂ ਪ੍ਰੋਜੈਕਟ ਲੈ ਕੇ ਆ ਰਹੀ ਹੈ |