ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 99 ਫ਼ੀਸਦੀ ਤੋਂ ਵੱਧ ਰਹਿਣ ਨਾਲ ਵਿਦਿਆਰਥੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸ਼ਾਨਦਾਰ ਨਤੀਜਿਆਂ ਲਈ ਬੁੱਢਾ ਦਲ ਪਬਲਿਕ ਸਕੂਲ ਦੀ ਸਮੁੱਚੀ ਪ੍ਰਬੰਧਕ ਕਮੇਟੀ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ | ਬੁੱਢਾ ਦਲ ਪਬਲਿਕ ਸਕੂਲ ਦੇ ਡਾਇਰੈਕਟਰ ਕਰਨਰਾਜਬੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਉੱਚ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ ਅਤੇ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਅਧਿਆਪਕਾਂ ਦੀ ਲਗਾਤਾਰ ਮਿਹਨਤ, ਵਿਦਿਆਰਥੀਆਂ ਦੀ ਅਨੁਸ਼ਾਸਿਤ ਪੜ੍ਹਾਈ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਕਾਮਯਾਬੀ ਸੰਭਵ ਹੋਈ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਯਾਨਾਦੀਪ ਕੌਰ ਨੇ ਕਾਮਰਸ ਸਟ੍ਰੀਮ 'ਚ 99 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਤੇ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਸੰਸਥਾ ਦੀ ਗੁਣਵੱਤਾਪੂਰਨ ਸਿੱਖਿਆ ਪ੍ਰਣਾਲੀ ਅਤੇ ਅਧਿਆਪਕਾਂ ਦੀ ਨਿਸ਼ਠਾ ਦਾ ਪ੍ਰਤੀਕ ਹਨ | ਇਸ ਖ਼ੁਸ਼ੀ ਨੂੰ ਮਨਾਉਣ ਲਈ ਅਧਿਆਪਕਾਂ ਅਤੇ ਮਾਪਿਆਂ ਨੇ ਵਿਦਿਆਰਥੀਆਂ ਨੂੰ ਕੇਕ ਕੱਟ ਕੇ ਖੁਆਇਆ ਅਤੇ ਉਨ੍ਹਾਂ ਦੀ ਹੌਸਲਾ-ਅਫਜਾਈ ਕੀਤੀ | ਸਕੂਲ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਵਿਦਿਆਰਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਬੁਲੰਦੀਆਂ ਹਾਸਲ ਕਰਨਗੇ |