ਸਮਾਣਾ, 14 ਮਈ ਪ੍ਰੀਤਮ ਸਿੰਘ ਨਾਗੀ)-ਪੰਜਾਬ 'ਚ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸਮਾਣਾ ਪੁਲਿਸ ਵਲੋਂ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ | ਇਸ ਮੌਕੇ ਗੱਲ ਕਰਦਿਆਂ ਡੀ.ਐੱਸ.ਪੀ. ਸਮਾਣਾ ਫਤਿਹ ਸਿੰਘ ਬਰਾੜ ਨੇ ਸਪਸ਼ਟ ਕੀਤਾ ਹੈ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਇਲਾਕਿਆਂ ਦੀ ਪਛਾਣ ਕਰਕੇ ਉੱਥੇ ਵਾਧੂ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ | ਇਸ ਤੋਂ ਇਲਾਵਾ, ਨਾਕਾਬੰਦੀ, ਫਲੈਗ ਮਾਰਚ ਅਤੇ ਰਾਤਰੀ ਗਸ਼ਤ ਵਿਚ ਵੀ ਵਾਧਾ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਚੋਣ ਦੌਰਾਨ ਗੜਬੜ ਪੈਦਾ ਕਰਨ ਵਾਲੇ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਤਈ ਬਖ਼ਸ਼ਿਆ ਨਹੀਂ ਜਾਵੇਗਾ | ਐਸੇ ਤੱਤਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬਿਨਾ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦਾ ਅਧਿਕਾਰ ਵਰਤਣ ਅਤੇ ਕਿਸੇ ਵੀ ਸੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਇਸ ਦੇ ਨਾਲ ਹੀ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਵੀ ਆਦਰਸ਼ ਚੋਣ ਆਚਾਰ ਸੰਹਿਤਾ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ | ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੁਲਿਸ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਪੋਲਿੰਗ ਸਟੇਸ਼ਨ 'ਤੇ ਪੂਰੀ ਸੁਰੱਖਿਆ ਹੋਵੇ ਅਤੇ ਵੋਟਿੰਗ ਪ੍ਰਕਿਰਿਆ ਬਿਨਾ ਕਿਸੇ ਰੁਕਾਵਟ ਦੇ ਪੂਰੀ ਹੋਵੇ |