ਨਾਭਾ 24 ਮਈ (ਵਰਿੰਦਰ ਵਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਵੀ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਗਿਆ ਹੈ | ਉੱਥੇ ਹੀ ਨਾਭਾ ਦੇ ਵਾਰਡ ਨੰਬਰ 19 ਵਿਖੇ ਭਾਜਪਾ ਪਾਰਟੀ ਦੀ ਉਮੀਦਵਾਰ ਰਸਮੀ ਸਿੰਗਲਾ ਪਤਨੀ ਜ਼ਿਲ੍ਹਾ ਵਾਈਸ ਪ੍ਰਧਾਨ ਸੰਨੀ ਸਿੰਗਲਾ ਨੇ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੱਢਿਆ | ਉਨ੍ਹਾਂ ਦਾਅਵਾ ਕੀਤਾ ਕਿ ਸੀਟ ਜਿੱਤ ਕੇ ਭਾਜਪਾ ਦੀ ਝੋਲੀ 'ਚ ਪਾਵਾਂਗੇ | ਇਸ ਮੌਕੇ ਵੱਡੀ ਗਿਣਤੀ 'ਚ ਵਾਰਡ ਵਾਸੀ ਅਤੇ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ | ਉਪਰੰਤ ਗੱਲਬਾਤ ਕਰਦਿਆਂ ਰਸਮੀ ਸਿੰਗਲਾ ਅਤੇ ਉਨ੍ਹਾਂ ਦੇ ਪਤੀ ਸੰਨੀ ਸਿੰਗਲਾ ਨੇ ਕਿਹਾ ਕਿ ਲਗਾਤਾਰ ਵੱਖ-ਵੱਖ ਮੁਹੱਲਿਆਂ ਵਿਚ ਜਨਸਭਾਵਾਂ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਵਾਰਡ ਵਾਸੀਆਂ ਦਾ ਭਾਰੀ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਲੋਕਾ ਨੂੰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਹਮੇਸ਼ਾ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਪੱਖਦਾਰ ਰਹੀ ਹੈ ਅਤੇ ਸ਼ਹਿਰ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ | ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਮਜ਼ਬੂਤ ਅਤੇ ਇਮਾਨਦਾਰ ਪ੍ਰਬੰਧਨ ਦੀ ਲੋੜ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਾਰਡ 'ਚ ਹੋਣ ਵਾਲੇ ਵਿਕਾਸ ਕਾਰਜ ਪਹਿਲ ਦੇ ਅਧਾਰ 'ਤੇ ਕਰਵਾਏ ਜਾਣਗੇ | ਉਨ੍ਹਾਂ ਦਾ ਮੁੱਖ ਮਕਸਦ ਵਾਰਡ ਨੂੰ ਸਾਫ਼ ਸੁਥਰਾ ਰੱਖਣਾ ਹੈ ਅਤੇ ਵਾਰਡ ਦੇ ਲੋਕਾਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਾਰਡ ਵਿਚ ਕਿਸੇ ਪ੍ਰਕਾਰ ਦੇ ਵਿਕਾਸ ਕਾਰਜ ਨਹੀਂ ਕਰਵਾਏ, ਜਿਸ ਨੂੰ ਵੇਖਦੇ ਹੋਏ ਵਾਰਡ ਵਾਸੀ ਵੱਡੀ ਲੀਡ ਨਾਲ ਜਿਤਾ ਕੇ ਫ਼ਤਵਾ ਦੇਣਗੇ | ਇਸ ਮੌਕੇ ਪਾਰਟੀ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਵੀ ਮੌਜੂਦ ਰਹੇ |