ਫ਼ਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ)-ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣੇ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦੀਆਂ ਆਲ਼ੇ ਦੁਆਲੇ ਲਗਦੀਆਂ ਜ਼ਮੀਨਾਂ ਨੂੰ ਰਸਤਾ ਨਾ ਛੱਡੇ ਜਾਣ ਦੇ ਰੋਸ ਵਜੋਂ ਅੱਜ ਇਲਾਕੇ ਦੇ ਪ੍ਰਭਾਵਿਤ ਪਿੰਡਾਂ ਵਲੋਂ ਪਿੰਡ ਪਵਾਲਾ ਵਿਖੇ ਜ਼ਿਲਾ ਪ੍ਰਸ਼ਾਸਨ ਤੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਲਗਾਇਆ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਿਟੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ, ਬਲਵਿੰਦਰ ਸਿੰਘ ਤੇ ਪਿੰਡ ਦੇ ਮੁਹਤਬਰਾਂ ਨੇ ਦੱਸਿਆ ਕਿ ਭਾਰਤ ਮਾਲਾ ਪ੍ਰੋਜੈਕਟ ਤਹਿਤ ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਪਿੰਡ ਪੱਤੋ, ਪਵਾਲਾ, ਭਗਤਾ, ਦੌਲਤਪੁਰ ਤੇ ਚੁੰਨੀ ਦੇ ਕਿਸਾਨਾਂ ਦੀਆਂ ਜ਼ਮੀਨਾਂ ਅਕਵਾਇਰ ਕਰਕੇ ਇਹ ਰੋਡ ਬਣਾਇਆ ਗਿਆ ਹੈ, ਜਿਸ ਦੌਰਾਨ ਕਿਸਾਨਾਂ ਦੀਆਂ ਦੋਫਾੜ ਹੋਈਆਂ ਜ਼ਮੀਨਾਂ ਨੂੰ ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਅਪਰੋਚ ਸੜਕਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਜਾਣ ਲਈ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਸਾਫ਼ ਸ਼ਬਦਾਂ ਵਿਚ ਕਿਹਾ ਕਿ ਜੇਕਰ ਨੈਸ਼ਨਲ ਹਾਈਵੇਅ ਨੇ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨਾਂ ਕਿਹਾ ਕਿ ਜੇਕਰ ਭਵਿੱਖ ਵਿਚ ਤਿੱਖੇ ਪ੍ਰਦਰਸ਼ਨ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਆਵਾਜਾਈ ਪੂਰੀ ਤਰਾਂ ਠੱਪ ਹੁੰਦੀ ਹੈ, ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ | ਉਨਾਂ ਕਿਹਾ ਕਿ ਇਸ ਸਮੱਸਿਆ ਸਬੰਧੀ ਉਹ ਹਾਈਵੇਅ ਅਥਾਰਿਟੀ ਦੇ ਸੀਨੀਅਰ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕੇ ਹਨ ਅਤੇ ਚਿੱਠੀਆਂ ਵੀ ਲਿਖੀਆਂ ਗਈਆਂ ਹਨ, ਪਰ ਉਨਾਂ ਨੂੰ ਸਿਵਾਏ ਭਰੋਸੇ ਤੋਂ ਕੁੱਝ ਨਹੀਂ ਮਿਲਿਆ, ਜਿਸ ਕਰਕੇ ਉਨਾਂ ਨੂੰ ਮਜਬੂਰਨ ਇਹ ਧਰਨਾ ਲਗਾਉਣਾ ਪਿਆ | ਉਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਦਖ਼ਲ ਦੇ ਕੇ ਕਿਸਾਨਾਂ ਦੀਆਂ ਇਨਾਂ ਸਮੱਸਿਆਵਾਂ ਦਾ ਜਲਦੀ ਕੋਈ ਹੱਲ ਨਾ ਕਰਵਾਇਆ ਤਾਂ ਉਹ ਰੋਡ ਜਾਮ ਕਰਕੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਣਗੇ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਸੁਖਦੇਵ ਸਿੰਘ ਜ਼ਿਲਾ ਪ੍ਰੀਸ਼ਦ ਮੈਂਬਰ, ਦਲੇਰ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ, ਸੋਹਣ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਪਿ੍ੰਸਪਾਲ ਸਿੰਘ, ਜਗਜੀਤ ਸਿੰਘ, ਕੁਲਵੰਤ ਸਿੰਘ, ਤਰਸੇਮ ਸਿੰਘ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਗੁਰਸ਼ਰਨ ਸਿੰਘ, ਤੇਜਿੰਦਰ ਸਿੰਘ, ਜੋਗਾ ਸਿੰਘ, ਹਰਦੇਵ ਸਿੰਘ, ਗੁਰਤਿੰਦਰ ਸਿੰਘ, ਸ਼ਗਨਪ੍ਰੀਤ, ਲਖਵਿੰਦਰ ਸਿੰਘ, ਮਹਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਸ਼ਾਮਿਲ ਸਨ | ਉੱਧਰ ਦੂਜੇ ਪਾਸੇ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਅਧਿਕਾਰੀ ਨੇ ਉਕਤ ਸਮੱਸਿਆ ਦੇ ਹੱਲ ਲਈ ਪ੍ਰਭਾਵਿਤ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਿਸਾਨ ਆਪਣੇ ਖੇਤਾਂ ਨੂੰ ਜਾਣ ਲਈ ਹੋਰ ਰਸਤਾ ਛੱਡ ਦੇਣ | ਜਿਸ ਸਬੰਧੀ ਜ਼ਮੀਨ ਅਕਵਾਇਰ ਕਰਨ ਦੀ ਪ੍ਰਪੋਜ਼ਲ ਬਣਾ ਕੇ ਹਾਈਵੇਅ ਅਥਾਰਿਟੀ ਨੂੰ ਭੇਜ ਦਿੱਤੀ ਜਾਵੇਗੀ ਅਤੇ ਪ੍ਰਵਾਨਗੀ ਆਉਣ ਮਗਰੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ |