ਗੁਰਦੇਵ ਸਿੰਘ ਟਿਵਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ-ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ, ਬਰਿੰਦਰ ਗੋਇਲ
ਗੁਰਦੇਵ ਸਿੰਘ ਟਿਵਾਣਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਵਧਾਈ ਦਿੰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ, ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਕੁਲਵੰਤ ਸਿੰਘ ਬਾਜ਼ੀਗਰ ਤੇ ਹੋਰ ਵੀ ਨਜ਼ਰ ਆ ਰਹੇ ਹਨ | ਅਜੀਤ ਤਸਵੀਰ
<br/>
29-05-2026
ਪਟਿਆਲਾ, 28 ਮਈ (ਧਰਮਿੰਦਰ ਸਿੰਘ ਸਿੱਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ ਨੇ ਅੱਜ ਪ੍ਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇੱਥੇ ਸਰਹਿੰਦ ਰੋਡ 'ਤੇ ਸਥਿਤ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਕਰਵਾਏ ਪਾਠ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਗੁਰਦੇਵ ਸਿੰਘ ਟਿਵਾਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨੌਜਵਾਨ ਆਗੂ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਟੀਮ ਉੱਪਰ ਵਿਸ਼ਵਾਸ ਜਤਾਉਂਦਿਆਂ ਵੱਡੀ ਜਿੱਤ ਦਿਵਾਈ ਹੈ | ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ ਉੱਪਰ ਖਰਾ ਉੱਤਰੇਗੀ | ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿਹਾਤੀ ਵਿਕਾਸ ਸਮੇਤ ਪਿੰਡ-ਪਿੰਡ 'ਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨੂੰ ਪੂਰਾ ਕਰਵਾਉਣਾ ਜ਼ਿਲ੍ਹਾ ਪ੍ਰੀਸ਼ਦ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਗੁਰਦੇਵ ਸਿੰਘ ਟਿਵਾਣਾ ਅਤੇ ਵਾਈਸ ਚੇਅਰਪਰਸਨ ਬਿੰਦਰ ਕੌਰ ਸਮੇਤ ਸਾਰੀ ਨਵੀਂ ਟੀਮ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ 'ਚ ਆਪਣਾ ਯੋਗਦਾਨ ਪਾਉਣਗੇ | ਸੌਂਦ ਨੇ ਇਕ ਸਾਧਾਰਨ ਪਰਿਵਾਰ ਵਿਚ ਜਨਮੇ ਗੁਰਦੇਵ ਸਿੰਘ ਟਿਵਾਣਾ ਦੀਆਂ ਪਾਰਟੀ ਤੇ ਲੋਕਾਂ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਅਜਿਹੇ ਲੋਕਾਂ ਨਾਲ ਜੁੜੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ | ਉਨ੍ਹਾਂ ਨੇ ਇਸ ਦੇ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਧਰਤੀ ਹੇਠਲਾ ਪਾਣੀ ਬਚਾਉਣ ਲਈ 15000 ਕਿੱਲੋਮੀਟਰ ਨਹਿਰਾਂ, ਮਾਈਨਰ, ਖਾਲ਼ੇ ਪੱਕੇ ਕੀਤੇ ਅਤੇ ਪਹਿਲਾਂ ਵਰਤੇ ਜਾਂਦੇ 25 ਫ਼ੀਸਦੀ ਨਹਿਰੀ ਪਾਣੀ ਨੂੰ 75 ਫ਼ੀਸਦੀ ਵਰਤਣ ਦੀ ਵੱਡੀ ਪਹਿਲਕਦਮੀ ਕੀਤੀ ਹੈ | ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਭ ਦਾ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੰਮਣਾ ਤੋਂ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੂੰ ਸਰਬਸੰਮਤੀ ਨਾਲ ਚੇਅਰਮੈਨ ਅਤੇ ਜ਼ੋਨ ਦਫਤਰੀਵਾਲਾ ਤੋਂ ਮੈਂਬਰ ਬਿੰਦਰ ਕੌਰ ਦੀ ਵਾਇਸ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਸੀ |
ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਤੇ ਆਗੂ ਹਾਜ਼ਰ ਸਨ |