ਪਟਿਆਲਾ, 30 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਲਟਕਦੇ ਹੱਕਾਂ, ਕਿਸਾਨੀ ਮੰਗਾਂ ਅਤੇ ਅਹਿਮ ਪੰਥਕ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸੂਬਾ ਪੱਧਰੀ ਮੁਹਿੰਮ ਤਹਿਤ ਇਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ | ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਪਟਿਆਲਾ ਰਣਧੀਰ ਸਿੰਘ ਰੱਖੜਾ ਅਤੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਇੱਥੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦਸਿਆ ਕਿ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਆਉਂਦੀ 1 ਜੂਨ ਦਿਨ ਸੋਮਵਾਰ ਸਵੇਰੇ 9 ਵਜੇ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਦੇ ਨਾਮ ਇਕ ਵਿਸੇਸ ਅਤੇ ਅਹਿਮ ਮੰਗ ਪੱਤਰ ਜ਼ਿਲ੍ਹਾ ਪਟਿਆਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਸੌਂਪਿਆ ਜਾਵੇਗਾ | ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਸਿਆਸੀ ਧਿਰਾਂ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਪੰਜਾਬ ਦੀ ਹੋਂਦ ਤੇ ਹੱਕਾਂ ਦੀ ਰੱਖਿਆ ਲਈ ਸਮੂਹ ਵਰਗਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪਾਰਟੀ ਮੁੱਖ ਤੌਰ 'ਤੇ 5 ਅਹਿਮ ਨੁਕਾਤੀ ਏਜੰਡੇ 'ਤੇ ਇਨਸਾਫ਼ ਦੀ ਮੰਗ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੀ ਵਾਪਸੀ ਸੰਬੰਧੀ ਸਾਲ 1966 ਦੀ ਵੰਡ ਵੇਲੇ ਤੋਂ ਪੰਜਾਬ ਨਾਲ ਹੁੰਦੀ ਆ ਰਹੀ ਬੇਇਨਸਾਫ਼ੀ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਖੋਹੇ ਗਏ ਪੰਜਾਬੀ ਬੋਲਦੇ ਇਲਾਕੇ ਅਤੇ ਪੰਜਾਬ ਦੀ ਇਕਲੌਤੀ ਰਾਜਧਾਨੀ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪੇ ਜਾਣ | 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026' 'ਤੇ ਸਹਿਮਤੀ ਇਸ ਬੇਹੱਦ ਸੰਵੇਦਨਸ਼ੀਲ ਮਸਲੇ 'ਤੇ ਚੱਲ ਰਹੇ ਸਿਆਸੀ ਡਬਲ ਸਟੈਂਡ ਨੂੰ ਖ਼ਤਮ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ, ਉੱਘੇ ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਇਸ ਕਾਨੂੰਨ ਵਿਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ | ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਆਸਥਾ ਦੇ ਕੇਂਦਰ, ਕਰਤਾਰਪੁਰ ਸਾਹਿਬ ਲਾਂਘੇ ਨੂੰ ਸ਼ਰਧਾਲੂਆਂ ਲਈ ਤੁਰੰਤ ਦੁਬਾਰਾ ਖੋਲਿ੍ਹਆ ਜਾਵੇ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ-ਦੀਦਾਰੇ ਕਰ ਸਕੇ |