ਦੇਵੀਗੜ, 1 ਜੂਨ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫਕੀਰਾਂ ਉਰਫ਼ ਛੰਨਾ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਵਿਸ਼ੂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਚੰਡੀਗੜ ਦੇ ਟੈਗੋਰ ਥੀਏਟਰ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਵਿਸ਼ੂ ਨੇ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 600 ਵਿਚੋਂ 593 ਅੰਕ 98.83 ਫ਼ੀਸਦੀ ਪ੍ਰਾਪਤ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਉਸ ਨੇ ਪੂਰੇ ਪੰਜਾਬ ਵਿਚ ਸੱਤਵਾਂ ਸਥਾਨ ਤੇ ਪਟਿਆਲਾ ਜ਼ਿਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਵਿਲੱਖਣ ਪ੍ਰਾਪਤੀ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨਾਂ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਹੀ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਨੀਂਹ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਅਤੇ ਸਕੂਲ ਦੇ ਐਮ.ਡੀ. ਸੰਤੋਖ ਸਿੰਘ ਨੇ ਵੀ ਵਿਸ਼ੂ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਉਸ ਦੀ ਭਰਪੂਰ ਹੌਸਲਾ ਅਫ਼ਜ਼ਾਈ ਕੀਤੀ। ਉਨਾਂ ਕਿਹਾ ਕਿ ਵਿਸ਼ੂ ਦੀ ਇਹ ਕਾਮਯਾਬੀ ਸਕੂਲ ਦੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਤੇ ਉਸ ਨੇ ਸਖ਼ਤ ਮਿਹਨਤ, ਲਗਨ ਤੇ ਦ੍ਰਿੜ ਨਿਸ਼ਚੈ ਨਾਲ ਸਫਲਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਸਕੂਲ ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵਿਸ਼ੂ ਅਤੇ ਉਸ ਦੇ ਪਰਿਵਾਰ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਉਸ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਇਹ ਸਨਮਾਨ ਨਾ ਸਿਰਫ ਵਿਸ਼ੂ ਲਈ ਸਗੋਂ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਲਈ ਵੀ ਮਾਣ ਅਤੇ ਗੌਰਵ ਦਾ ਵਿਸ਼ਾ ਹੈ।