ਫ਼ਤਹਿਗੜ੍ਹ ਸਾਹਿਬ, 5 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਵਲੋਂ ਹਸਪਤਾਲ ਵਿਚ ਛਾਂਦਾਰ ਬੂਟੇ ਲਗਾ ਕੇ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ ਗਿਆ ਅਤੇ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ | ਪਲਾਸਟਿਕ ਦੀ ਲਗਾਤਾਰ ਹੋ ਰਹੀ ਵਰਤੋਂ, ਪਾਣੀ ਦੀ ਬਰਬਾਦੀ, ਫ਼ੈਕਟਰੀਆਂ ਅਤੇ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਕਾਰਨ, ਪ੍ਰਾਈਵੇਟ ਵਾਹਨਾਂ ਦੀ ਵਰਤੋਂ ਵਿਚ ਹੋ ਰਹੇ ਵਾਧੇ ਆਦਿ ਕਾਰਨ ਵਾਤਾਵਰਨ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਨਾਲ ਸਾਹ, ਦਮਾ, ਕੈਂਸਰ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਰੋਗੀਆਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਹਸਪਤਾਲਾਂ ਵਿਚ ਅਜਿਹੇ ਮਰੀਜ਼ਾਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਲੱਗ ਰਹੀਆਂ ਹਨ ਪਰ ਸਮਝਦਾਰੀ ਅਤੇ ਸਾਵਧਾਨੀਆਂ ਨਾਲ ਸਮਾਜ ਵਿਚੋਂ ਇਨਾਂ ਬਿਮਾਰੀਆਂ ਨੂੰ ਘਟਾਇਆ ਜਾ ਸਕਦਾ ਹੈ | ਉਨਾਂ ਕਿਹਾ ਕਿ ਸਿਹਤਮੰਦ ਵਾਤਾਵਰਨ ਲਈ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾਵੇ, ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾਵੇ, ਪ੍ਰਾਈਵੇਟ ਵਾਹਨਾਂ ਦੀ ਥਾਂ ਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕੀਤੀ ਜਾਵੇ, ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਵੱਧ ਤੋਂ ਰੁੱਖ ਲਗਾਏ ਜਾਣ ਅਤੇ ਆਮ ਲੋਕਾਂ ਨੂੰ ਸਿਹਤਮੰਦ ਵਾਤਾਵਰਨ ਸਬੰਧੀ ਜਾਗਰੂਕ ਕੀਤਾ ਜਾਵੇ | ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਉਪਵੈਦ ਚਮਕੌਰ ਸਿੰਘ, ਦਵਿੰਦਰ ਸਿੰਘ, ਮਾਲੀ ਗੁਰਮੀਤ ਸਿੰਘ ਆਦਿ ਹਾਜ਼ਰ ਸਨ |