ਸਮਾਣਾ, 13 ਜੂਨ (ਪ੍ਰੀਤਮ ਸਿੰਘ ਨਾਗੀ)-ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਪੰਜਾਬ ਬੀ.ਜੇ.ਪੀ. ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਆਗੂਆਂ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਸਾਂਭਣ 'ਤੇ ਨਿੱਘੀ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪਟਿਆਲਾ ਦੇ ਸੋਸ਼ਲ ਮੀਡੀਆ ਇੰਚਾਰਜ ਸੰਜੀਵ ਗਰਗ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਪੰਜਾਬ ਅੰਦਰ ਭਾਜਪਾ ਨੂੰ ਇਕ ਨਵੀਂ ਮਜ਼ਬੂਤੀ ਅਤੇ ਦਿਸ਼ਾ ਮਿਲੇਗੀ | ਇਸ ਮੁਬਾਰਕਬਾਦ ਦੇਣ ਵਾਲੇ ਵਫ਼ਦ ਵਿਚ ਉਨ੍ਹਾਂ ਦੇ ਨਾਲ ਪੰਜਾਬ ਸੋਸ਼ਲ ਮੀਡੀਆ ਇੰਚਾਰਜ ਬਰਜੇਸ਼ ਮੋਦਗਿਲ, ਕੋਆਰਡੀਨੇਟਰ ਐਡਵੋਕੇਟ ਨਿਖਿਲ ਧਵਨ, 'ਐਂਟੀ ਡਰੱਗਜ਼ ਐਂਡ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ' ਪੰਜਾਬ ਦੇ ਪੀ.ਆਰ.ਓ. ਇਕਬਾਲ ਸਿੰਘ ਬਲ ਅਤੇ ਸ਼ੁਭਨੀਤ ਗਰਗ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਨਵੇਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਮਾਣਾ ਅਤੇ ਪਟਿਆਲਾ ਜ਼ਿਲ੍ਹੇ ਤੋਂ ਪਹੁੰਚੀ ਟੀਮ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀਕਲਾ ਅਤੇ ਪੰਜਾਬ ਦੇ ਹਿਤਾਂ ਲਈ ਦਿਨ-ਰਾਤ ਮਿਹਨਤ ਕਰਨਗੇ |