ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੌੜ)-ਵਾਰਡ ਨੰਬਰ 58 ਅਧੀਨ ਮਾਡਲ ਟਾਊਨ ਸਥਿਤ ਮੇਹਰ ਸਿੰਘ ਪਾਰਕ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਵਿਧਾਇਕ ਪਟਿਆਲਾ ਅਜੀਤ ਪਾਲ ਸਿੰਘ ਕੋਹਲੀ ਵਲੋਂ ਸ਼ੁਰੂਆਤ ਕਰਵਾਈ ਗਈ | ਵਾਰਡ ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਕਰੀਬ 49 ਲੱਖ 80 ਹਜਾਰ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਪਾਰਕਾਂ ਦੀ ਦਿੱਖ ਨੂੰ ਆਧੁਨਿਕ ਰੂਪ ਦੇਣ ਦੇ ਨਾਲ-ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਮਨੋਰੰਜਨ ਅਤੇ ਸੈਰ-ਸਪਾਟੇ ਦੀਆਂ ਸਹੂਲਤਾਂ ਮੁਹੱਈਆ ਹੋਣਗੀਆਂ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਵਿਧਾਇਕ ਕੋਹਲੀ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਫ਼ਤ ਬਿਜਲੀ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਆਮ ਆਦਮੀ ਕਲੀਨਿਕ, 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਅਤੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਯੋਜਨਾਵਾਂ ਲੋਕਾਂ ਦੀ ਜ਼ਿੰਦਗੀ ਵਿਚ ਸਕਾਰਾਤਮਿਕ ਬਦਲਾਅ ਲਿਆ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਦਿੱਤੀ ਜਾਵੇਗੀ | ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸਾਫ-ਸਫਾਈ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾ ਰਿਹਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਸਕੱਤਰ ਮੋਨਿਕਾ ਸ਼ਰਮਾ, ਹਲਕਾ ਕੋਆਰਡੀਨੇਟਰ ਪਟਿਆਲਾ ਰੂਬੀ ਭਾਟੀਆ ਸਤਨਾਮ ਸਿੰਘ, ਅਮਰਜੀਤ ਸਿੰਘ, ਛੱਤਰਪਾਲ ਸਿੰਘ, ਸੇਵਾਮੁਕਤ ਬੀ.ਡੀ.ਪੀ.ਓ.ਪਰਮਜੀਤ ਸਿੰਘ, ਪਰਮਜੀਤ ਸਿੰਘ ਬਿੰਦਰਾ, ਸੁਖਦੀਪ ਸਿੰਘ ਲੈਬੀ, ਅਮਰਜੋਤ ਸਿੰਘ ਬਾਈਆ, ਅਮਰਿੰਦਰ ਸਿੰਘ ਆਨੰਦ, ਬਲਵਿੰਦਰ ਕੌਰ ਕੋਹਲੀ, ਜਗਤਾਰ ਸਿੰਘ ਜੱਗੀ, ਬਲਾਕ ਪ੍ਰਧਾਨ ਰਾਜਿੰਦਰ ਮੋਹਨ, ਬਲਾਕ ਪ੍ਰਧਾਨ ਸੋਨੀਆ ਸ਼ਰਮਾ, ਮਨਜੀਤ ਸਿੰਘ ਵਾਲੀਆ, ਡਾ. ਰੋਹਿਤ ਸਿੰਗਲਾ, ਸਤਵਿੰਦਰ ਵਾਲੀਆ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਸਨ |