ਪਟਿਆਲਾ, 18 ਜੂਨ (ਅ.ਸ. ਆਹਲੂਵਾਲੀਆ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਬਡੂੰਗਰ ਵਿਖੇ ਗੁਰਬਾਣੀ ਪ੍ਰਚਾਰ ਸੇਵਾ ਸੁਸਾਇਟੀ ਅਤੇ ਸ੍ਰੀ ਸੁਖਮਨੀ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ਤਿੰਨ ਦਿਨਾਂ ਰੂਹਾਨੀ ਸਤਸੰਗ ਦੀਵਾਨਾਂ ਦੀ ਸ਼ਰਧਾ ਅਤੇ ਭਾਵਨਾ ਨਾਲ ਸਮਾਪਤੀ ਹੋਈ। ਸਮਾਗਮਾਂ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ, ਕਥਾ-ਵਿਚਾਰਾਂ ਅਤੇ ਗੁਰੂ ਜੱਸ ਦਾ ਅਨੰਦ ਮਾਣਿਆ। ਉਪਰੰਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਜਥੇ. ਹਰਦਿਆਲ ਸਿੰਘ ਭੱਟੀ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਹ ਨਗਰ ਕੀਰਤਨ ਬਡੂੰਗਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਬਡੂੰਗਰ ਵਿਖੇ ਸੰਪੰਨ ਹੋਇਆ। ਰਸਤੇ ਭਰ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਤੇ ਠੰਢੇ ਮਿੱਠੇ ਜਲ, ਸਰਬੱਤ ਅਤੇ ਲੰਗਰਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਇਲਾਕਾ ਨਿਵਾਸੀਆਂ ਦਾ ਸਮਾਗਮਾਂ ਅਤੇ ਨਗਰ ਕੀਰਤਨ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਰਸਾਏ ਸੇਵਾ, ਸਿਮਰਨ ਅਤੇ ਸ਼ਹਾਦਤ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ।