ਦੇਵੀਗੜ, 19 ਜੂਨ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਪਹਾੜੀ ਖੇਤਰਾਂ ਵਿਚ ਨਿਹੰਗ ਸਿੰਘਾਂ ਦੇ ਇਕ ਜਥੇ ’ਤੇ ਸਥਾਨਕ ਲੋਕਾਂ ਵਲੋਂ ਕੀਤਾ ਗਿਆ ਹਮਲਾ ਨਾ ਸਿਰਫ ਨਿੰਦਣਯੋਗ ਹੈ, ਸਗੋਂ ਇਹ ਖੇਤਰੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਇਕ ਵੱਡਾ ਖਤਰਾ ਵੀ ਹੈ। ਇਹ ਪ੍ਰਗਟਾਵਾ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਸਲ ਸਤਲੁਜ ਜਥੇਬੰਦੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਦੇ ਮੁਖੀ ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਪਹਾੜੀ ਰਾਜਿਆਂ ਨੇ ਅਤੀਤ ਵਿਚ ਵੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਰੁੱਧ ਕਈ ਸਾਜ਼ਿਸ਼ਾਂ ਰਚੀਆਂ ਅਤੇ ਹਮਲੇ ਕੀਤੇ ਪਰ ਹਰ ਵਾਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਅਤੇ ਸਿੱਖੀ ਦਾ ਜਲਾਲ ਹੋਰ ਉੱਚਾ ਹੋਇਆ। ਉਨ੍ਹਾਂ ਕਿਹਾ ਕਿ ਇਤਿਹਾਸਕਾਰਾਂ ਅਨੁਸਾਰ, ਪਹਾੜੀ ਰਾਜਿਆਂ ਦੀ ਈਰਖਾ ਸਦਾ ਹੀ ਗੁਰੂ ਸਾਹਿਬ ਦੇ ਵੱਧ ਰਹੇ ਪ੍ਰਭਾਵ ਕਾਰਨ ਸੀ। ਅੱਜ ਵੀ ਕੁਝ ਸਥਾਨਕ ਤੱਤਾਂ ਵਲੋਂ ਪੰਜਾਬੀਆਂ, ਖਾਸ ਕਰਕੇ ਨਿਹੰਗ ਸਿੰਘਾਂ ’ਤੇ ਹਮਲਾ ਕਰਨਾ ਉਸੇ ਪੁਰਾਣੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਕੁਝ ਲੋਕ ਜਾਣ-ਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਸਮੇਂ ਰਹਿੰਦੇ ਇਨ੍ਹਾਂ ਲੋਕਾਂ ਨੂੰ ਨੱਥ ਨਾ ਪਾਈ ਗਈ ਤਾਂ ਇਹ ਵਿਵਾਦ ਵੱਡਾ ਰੂਪ ਧਾਰਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਸਥਾਨਕ ਪ੍ਰਸ਼ਾਸਨ ਅਤੇ ਸਰਕਾਰਾਂ ਦੀ ਭੂਮਿਕਾ ਸ਼ੱਕ ਦੇ ਘੇਰੇ ਵਿਚ ਹੈ। ਸਵਾਲ ਇਹ ਉੱਠਦਾ ਹੈ ਕਿ ਜਦੋਂ ਪੰਜਾਬੀ ਸ਼ਰਧਾਲੂ ਜਾਂ ਸਿੰਘ ਪਹਾੜੀ ਖੇਤਰਾਂ ਵਿਚ ਜਾਂਦੇ ਹਨ, ਤਾਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਕਿਉਂ ਨਹੀਂ? ਜੇਕਰ ਪਹਾੜੀ ਇਲਾਕਿਆਂ ਵਿਚ ਰਹਿਣ ਵਾਲੇ ਕੁਝ ਸਥਾਨਕ ਲੋਕਾਂ ਨੇ ਪੰਜਾਬੀਆਂ ’ਤੇ ਹਮਲੇ ਕਰਨੇ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਨਾ ਕੀਤਾ ਤਾਂ ਇਸ ਦੇ ਭਿਆਨਕ ਨਤੀਜਿਆਂ ਲਈ ਸਿੱਧੇ ਤੌਰ ’ਤੇ ਸੰਬੰਧਿਤ ਰਾਜਾਂ ਦੀਆਂ ਸਰਕਾਰਾਂ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਣਗੇ। ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਅਤੇ ਹਰ ਨਾਗਰਿਕ ਨੂੰ ਦੇਸ਼ ਦੇ ਕਿਸੇ ਵੀ ਕੋਨੇ ਵਿਚ ਸੁਰੱਖਿਅਤ ਘੁੰਮਣ-ਫਿਰਨ ਦਾ ਅਧਿਕਾਰ ਦੇਣਾ ਸੰਵਿਧਾਨਕ ਜ਼ਿੰਮੇਵਾਰੀ ਹੈ। ਬੀਬੀ ਜਸਮੀਤ ਕੌਰ ਛੀਨਾ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।