ਪਟਿਆਲਾ, 22 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਿਸਲ ਸਤਲੁਜ ਜਥੇਬੰਦੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਤੇ ਪੰਥਕ ਤੇ ਮੁਲਾਜ਼ਮ ਆਗੂ ਸਰਦਾਰ ਮਨਜੀਤ ਸਿੰਘ ਚਾਹਲ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਕੁਝ ਸਾਲ ਪਹਿਲਾਂ ਵੱਡੀਆਂ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਪਣਾ ਫੈਸਲਾ ਵੋਟਾਂ ਰਾਹੀਂ ਦਿੱਤਾ ਸੀ, ਪਰ ਅੱਜ ਉਹੀ ਨੌਜਵਾਨ ਆਪਣੇ ਹੱਕਾਂ ਅਤੇ ਇਨਸਾਫ਼ ਲਈ ਧਰਨਿਆਂ, ਮੁਜ਼ਾਹਰਿਆਂ ਅਤੇ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਠੇਕਾ ਪ੍ਰਥਾ, ਭਰਤੀ ਪ੍ਰਕਿਰਿਆਵਾਂ ਵਿਚ ਦੇਰੀ ਅਤੇ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਦੀ ਅਣਦੇਖੀ ਕਾਰਨ ਪੰਜਾਬ ਦਾ ਨੌਜਵਾਨ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਬਦਲਾਅ ਦੀ ਆਸ ਨਾਲ ਨੌਜਵਾਨਾਂ ਨੇ ਰਾਜਸੀ ਤਬਦੀਲੀ ਲਿਆਂਦੀ ਸੀ, ਉਹ ਬਦਲਾਅ ਅੱਜ ਤੱਕ ਉਨ੍ਹਾਂ ਦੀ ਜ਼ਿੰਦਗੀ ਵਿੱਚ ਨਜ਼ਰ ਨਹੀਂ ਆਇਆ। ਸ. ਚਾਹਲ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਦਾ ਆਧਾਰ ਉਸ ਦੇ ਨੌਜਵਾਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਹੀ ਰੁਜ਼ਗਾਰ, ਸਿੱਖਿਆ ਅਤੇ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣ, ਤਾਂ ਇਹੋ ਜਿਹੀਆਂ ਸੂਬਾ ਸਰਕਾਰਾਂ ਦੀਆਂ ਨੀਤੀਆਂ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਖੋਖਲੇ ਵਾਅਦਿਆਂ ਤੋਂ ਉੱਪਰ ਉੱਠ ਕੇ ਜਵਾਬਦੇਹ ਅਤੇ ਲੋਕ-ਹਿਤੈਸ਼ੀ ਰਾਜਨੀਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਨਾਗਰਿਕ ਉਨ੍ਹਾਂ ਆਗੂਆਂ ਨੂੰ ਤਰਜੀਹ ਦੇਣਗੇ ਜੋ ਜਨਤਾ ਦੇ ਦੁੱਖ-ਦਰਦ ਨੂੰ ਸਮਝਦੇ ਹੋਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੋਣ। ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਮਿਸਲ ਸਤਲੁਜ ਜਥੇਬੰਦੀ ਨੌਜਵਾਨਾਂ, ਮੁਲਾਜ਼ਮਾਂ, ਕਿਸਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਹੱਕਾਂ ਤੇ ਭਵਿੱਖ ਲਈ ਸੰਘਰਸ਼ ਜਾਰੀ ਰੱਖੇਗੀ।