ਪਟਿਆਲਾ, 25 ਜੂਨ (ਗੁਰਵਿੰਦਰ ਸਿੰਘ ਔਲਖ)- ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਲੋਂ ਸਮਾਜ ਸੇਵਾ ਦੀ ਲੜੀ ਤਹਿਤ ਕੁਲਚੇ-ਛੋਲਿਆਂ ਅਤੇ ਠੰਡੇ ਮਿੱਠੇ ਜਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਲੰਗਰ ਛਕਾਇਆ। ਇਸ ਮੌਕੇ ਕਾਲਜ ਦੇ ਚੇਅਰਮੈਨ ਸ. ਰਜਿੰਦਰ ਸਿੰਘ ਚਹਿਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਲੋੜਵੰਦਾਂ ਅਤੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਅਤੇ ਭੋਜਨ ਮੁਹੱਈਆ ਕਰਵਾਉਣਾ ਇਕ ਨੇਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਸਮੇਂ ਦੀ ਲੋੜ ਹੈ। ਸ. ਚਹਿਲ ਨੇ ਕਿਹਾ ਕਿ ਕਾਲਜ ਵਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਜ ਭਲਾਈ ਦੇ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਨੌਜਵਾਨਾਂ ਵਿੱਚ ਸੇਵਾ, ਸਹਿਯੋਗ ਅਤੇ ਪਰਉਪਕਾਰ ਦੀ ਭਾਵਨਾ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸੇਵਾ ਨਿਭਾਉਂਦਿਆਂ ਲੰਗਰ ਦੀ ਵਿਵਸਥਾ ਸੰਭਾਲੀ।