ਬਨੂੜ, 27 ਜੂਨ (ਭੁਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਮਹਾਰਾਸ਼ਟਰ ਸਰਕਾਰ ਵਲੋਂ 70 ਸਾਲ ਪੁਰਾਣੇ ਸੱਚਖੰਡ ਤਖਤ ਸ੍ਰੀ ਹਜੂਰ ਸਾਹਿਬ ਐਕਟ 1956 ਨੂੰ ਰੱਦ ਕਰਕੇ ਉਸ ਦੀ ਥਾਂ ਨਵਾਂ ਐਕਟ ਲਾਗੂ ਕਰਨ ਦੀ ਤਿਆਰੀ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿਚ ਭਾਜਪਾ ਸਰਕਾਰ ਦੀ ਸਿੱਧੀ ਦਖਲ ਅੰਦਾਜੀ ਹੈ। ਜਿਸ ਨੂੰ ਸਮੁੱਚਾ ਸਿੱਖ ਪੰਥ ਅਤੇ ਵਿਸ਼ਵ ਭਰ ਵਿਚ ਵਸਦੀ ਨਾਨਕ ਨਾਮ ਲੇਵਾ ਸਿੱਖ ਸੰਗਤ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਜਗਦੀਸ਼ ਸਿੰਘ ਛੜਬੜ ਨੇ ਕਿਹਾ ਕਿ ਮਹਾਰਾਸ਼ਟਰ ਕੈਬਨਿਟ ਵਲੋਂ ਨਵੇਂ ਐਕਟਰ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਕੇਵਲ ਕਾਨੂੰਨੀ ਪ੍ਰਕਿਰਿਆ ਬਾਕੀ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੇ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਸੰਗਤਾਂ ਦੇ ਮਨਾਂ ਵਿਚ ਗਹਿਰਾ ਰੋਸ ਪੈਦਾ ਕਰ ਦਿੱਤਾ ਹੈ ਤੇ ਸੰਗਤਾਂ ਨੂੰ ਇਹ ਖਦਸ਼ਾ ਹੈ ਕਿ ਮਹਾਰਾਸ਼ਟਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਤਖਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧ ’ਤੇ ਪ੍ਰਭਾਵ ਅਤੇ ਨਿਯੰਤਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਕਿਸੇ ਵੀ ਅਜਿਹੀ ਕੋਝੀ ਰਾਜਨੀਤਿਕ ਚਾਲ ਦਾ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਭਾਜਪਾ ਵਿਚ ਸ਼ਾਮਿਲ ਹੋਏ ਸਿੱਖ ਆਗੂਆਂ ਨੂੰ ਵੀ ਸਵਾਲ ਕੀਤਾ ਕਿ ਉਹ ਕਹਿੰਦੇ ਸਨ ਕਿ ਭਾਜਪਾ ਵਿਚ ਜਾ ਕੇ ਸਿੱਖਾਂ ਦੇ ਮਸਲੇ ਹੱਲ ਕਰਵਾਉਣਗੇ, ਪਰ ਅੱਜ ਜਦੋਂ ਸਿੱਖ ਕੌਮ ਦੇ ਇਕ ਮਹੱਤਵਪੂਰਨ ਤਖਤ ਦੇ ਪ੍ਰਬੰਧ ਨਾਲ ਜੁੜਿਆ ਮਸਲਾ ਖੜਾ ਹੋਇਆ ਹੈ ਤਾਂ ਉਹ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਜੇਕਰ ਸੱਚਮੁੱਚ ਸਿੱਖ ਹਿਤਾਂ ਦੇ ਹਾਮੀ ਹਨ ਤਾ ਉਨ੍ਹਾਂ ਨੂੰ ਇਸ ਮਾਮਲੇ ਤੇ ਆਪਣਾ ਸਪਸ਼ਟ ਸਟੈਂਡ ਜਨਤਕ ਕਰਨਾ ਚਾਹੀਦਾ ਹੈ ਤਾਂ ਜੋ ਸਿੱਖ ਭਾਈਚਾਰੇ ਵਿਚ ਫੈਲੀ ਦੁਬਿਧਾ ਨੂੰ ਦੂਰ ਕੀਤਾ ਜਾ ਸਕੇ। ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਤਖਤ ਸ਼੍ਰੀ ਹਜੂਰ ਸਾਹਿਬ ਐਕਟ 1956 ਨੂੰ ਰੱਦ ਕਰਕੇ ਦਰਸਾ ਦਿੱਤਾ ਹੈ ਕਿ ਉਹ ਸਿੱਖ ਵਿਰੋਧੀ ਪਾਰਟੀ ਹੈ।